ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026: ਅਕਾਲ ਤਖ਼ਤ ਵੱਲੋਂ ਸੁਝਾਈਆਂ ਸੋਧਾਂ ’ਤੇ ਸਰਕਾਰ ਦੀ ਕਾਰਵਾਈ ਮੱਠੀ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਸੋਧਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ ਫਿਲਹਾਲ ਮੱਠੀ ਨਜ਼ਰ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਸਪੱਸ਼ਟ ਹਾਂ-ਪੱਖੀ ਹੁੰਗਾਰਾ ਸਾਹਮਣੇ ਨਹੀਂ ਆਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ, ਕਰੀਬ 40 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਸੋਧਾਂ ਸਬੰਧੀ ਬਣਾਈ ਗਈ ਕਮੇਟੀ ਦੇ ਮੈਂਬਰਾਂ ਨਾਲ ਨਾ ਤਾਂ ਕੋਈ ਮੁਲਾਕਾਤ ਕੀਤੀ ਗਈ ਹੈ ਅਤੇ ਨਾ ਹੀ ਅਗਲੀ ਕਾਰਵਾਈ ਲਈ ਕੋਈ ਸੰਪਰਕ ਕੀਤਾ ਗਿਆ ਹੈ। ਕਾਰਜਕਾਰੀ ਜਥੇਦਾਰ ਵੱਲੋਂ ਸਰਕਾਰ ਨੂੰ ਇਸ ਮਾਮਲੇ ਵਿੱਚ ਹੋਰ ਦੋ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਜਿਸ ਦੀ ਮਿਆਦ ਜੁਲਾਈ ਤੋਂ ਸ਼ੁਰੂ ਹੋਈ ਸੀ। ਇਸ ਤੋਂ ਪਹਿਲਾਂ ਵੀ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਜਾ ਚੁੱਕਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਧਾਂ ਦੇ ਮਾਮਲੇ ’ਤੇ ਸਿੱਖ ਵਿਦਵਾਨਾਂ ਅਤੇ ਕਾਨੂੰਨਦਾਨਾਂ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਇਸ ਵਿੱਚ ਸੇਵਾਮੁਕਤ ਸਿੱਖ ਜੱਜਾਂ, ਸਿੱਖ ਵਕੀਲਾਂ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਕਮੇਟੀ ਨਾਲ ਤਾਲਮੇਲ ਕਰਕੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਅਗਲੀ ਕਾਰਵਾਈ ਕਰੇ। ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਸਿੱਖ ਸੰਸਥਾਵਾਂ ਦੀ ਸਹਿਮਤੀ ਤੋਂ ਬਿਨਾਂ ਐਕਟ ਵਿੱਚ ਕੋਈ ਸੋਧ ਨਾ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਖਾਲਸਾ ਸਾਜਨਾ ਦਿਵਸ ਮੌਕੇ ਅਪਰੈਲ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਪਾਸ ਕੀਤਾ ਗਿਆ ਸੀ। ਐਕਟ ਦੀਆਂ ਕੁਝ ਧਾਰਾਵਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਨ੍ਹਾਂ ਵਿਵਾਦਿਤ ਮੱਦਾਂ ਨੂੰ ਹਟਾਉਣ ਜਾਂ ਸੋਧਣ ਦੀ ਮੰਗ ਕੀਤੀ ਗਈ ਸੀ।
ਇਸੇ ਮਾਮਲੇ ਨੂੰ ਲੈ ਕੇ ਜੂਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਿਆ ਗਿਆ ਸੀ। ਇਸ ਮੌਕੇ ਉਨ੍ਹਾਂ ਵੱਲੋਂ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਹਿਮਤੀ ਪ੍ਰਗਟਾਈ ਗਈ ਸੀ। ਇਸ ਤੋਂ ਬਾਅਦ ਸਰਕਾਰ ਨੂੰ ਸੋਧਾਂ ਕਰਨ ਲਈ ਇੱਕ ਮਹੀਨੇ ਦੀ ਮਿਆਦ ਦਿੱਤੀ ਗਈ।
ਹਾਲਾਂਕਿ ਨਿਰਧਾਰਤ ਇੱਕ ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹੁਣ ਇੱਕ ਹੋਰ ਮਹੀਨਾ ਵੀ ਲੰਘ ਚੁੱਕਾ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਲੈ ਕੇ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਪਹਿਲਕਦਮੀ ਸਾਹਮਣੇ ਨਹੀਂ ਆਈ। ਇਸ ਕਾਰਨ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।







