ਪੰਜਾਬ ਦੇ ਨੌਜਵਾਨਾਂ ਲਈ ਵੱਡਾ ਮੌਕਾ, ਸਰਕਾਰ ਸ਼ੁਰੂ ਕਰੇਗੀ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਇਨਾਮ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਇਤਿਹਾਸ ਨਾਲ ਜੋੜਨ ਦੇ ਮਕਸਦ ਨਾਲ ਇੱਕ ਨਿਵੇਕਲੀ ਪਹਿਲ ਕੀਤੀ ਜਾ ਰਹੀ ਹੈ। ਪ੍ਰਸਿੱਧ ਟੈਲੀਵਿਜ਼ਨ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸਰਕਾਰ ਵੱਲੋਂ ‘ਪੰਜਾਬ ਦਾ ਕਰੋੜਪਤੀ’ ਨਾਮਕ ਮੁਕਾਬਲਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਨਵੇਂ ਪ੍ਰੋਗਰਾਮ ਦਾ ਰਸਮੀ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੌਰਾਨ ਭਾਗੀਦਾਰਾਂ ਨੂੰ ਪੰਜਾਬ, ਪੰਜਾਬੀ ਭਾਸ਼ਾ, ਸੱਭਿਆਚਾਰ, ਇਤਿਹਾਸ ਅਤੇ ਪੰਜਾਬੀਅਤ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਜਾਣਗੇ। ਇਨ੍ਹਾਂ ਸਵਾਲਾਂ ਰਾਹੀਂ ਨੌਜਵਾਨਾਂ ਦੇ ਗਿਆਨ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਜਾਣਕਾਰੀ ਨੂੰ ਪਰਖਿਆ ਜਾਵੇਗਾ। ਇਸ ਮੁਕਾਬਲੇ ਦਾ ਸਭ ਤੋਂ ਵੱਡਾ ਆਕਰਸ਼ਣ ਇੱਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਅਤੇ ਪੰਜਾਬ ਦੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਵਿੱਚ ਪੜ੍ਹਾਈ, ਆਮ ਗਿਆਨ ਅਤੇ ਬੌਧਿਕ ਮੁਕਾਬਲਿਆਂ ਪ੍ਰਤੀ ਦਿਲਚਸਪੀ ਵਧਾਉਣ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।
‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਦੀ ਖ਼ਾਸ ਗੱਲ ਇਹ ਹੋਵੇਗੀ ਕਿ ਇਸ ਦਾ ਸਮੁੱਚਾ ਸਰੂਪ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਆਲੇ-ਦੁਆਲੇ ਕੇਂਦਰਿਤ ਰਹੇਗਾ। ਸਰਕਾਰ ਦੀ ਇਸ ਯੋਜਨਾ ਰਾਹੀਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਗਿਆਨ ਦਾ ਪ੍ਰਦਰਸ਼ਨ ਕਰਨ ਲਈ ਇੱਕ ਨਵਾਂ ਮੰਚ ਮਿਲੇਗਾ। ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਨੂੰ ਇੱਕ ਕਰੋੜ ਰੁਪਏ ਤੱਕ ਦੀ ਇਨਾਮੀ ਰਾਸ਼ੀ ਦਿੱਤੇ ਜਾਣ ਦੀ ਯੋਜਨਾ ਹੈ।







