ਅਕਾਲ ਤਖ਼ਤ ਦੀ ਮਾਹਿਰ ਕਮੇਟੀ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਪੰਜਾਬ ਸਰਕਾਰ ਦੇ ਪੈਨਲ ਨੂੰ ਗੱਲਬਾਤ ਦਾ ਸੱਦਾ

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਅਕਾਲ ਤਖ਼ਤ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਮਤਭੇਦਾਂ ਦਰਮਿਆਨ ਅਕਾਲ ਤਖ਼ਤ ਵੱਲੋਂ ਗਠਿਤ ਮਾਹਿਰ ਕਮੇਟੀ ਨੇ ਸਰਕਾਰ ਦੀ ਤਾਲਮੇਲ ਕਮੇਟੀ ਦੇ ਅਧਿਕਾਰਤ ਮੈਂਬਰਾਂ ਨੂੰ 30 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਮੀਟਿੰਗ ਅਕਾਲ ਤਖ਼ਤ ਵੱਲੋਂ ਜਾਰੀ ਆਦੇਸ਼ਾਂ ਦੀ ਰੌਸ਼ਨੀ ਵਿੱਚ ਕੀਤੀ ਜਾਵੇਗੀ।

ਇਸ ਸੱਦੇ ਨੂੰ ਸੋਧ ਐਕਟ ਸਬੰਧੀ ਦੋਵਾਂ ਧਿਰਾਂ ਵਿਚਾਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਅਤੇ ਗੱਲਬਾਤ ਦਾ ਰਾਹ ਖੋਲ੍ਹਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਮਾਹਿਰ ਕਮੇਟੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਏ ਬਿਨਾਂ ਇਹ ਕਾਨੂੰਨ ਪਾਸ ਕੀਤਾ ਸੀ। ਸੋਧ ਐਕਟ ਦੀਆਂ ਕੁਝ ਵਿਵਸਥਾਵਾਂ ਨੂੰ ਲੈ ਕੇ ਸਿੱਖ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਉਠਾਏ ਗਏ ਹਨ।

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ 11 ਮਈ ਅਤੇ 29 ਜੂਨ, 2026 ਨੂੰ ਜਾਰੀ ਆਦੇਸ਼ਾਂ ਵਿੱਚ ਸਹਿਮਤੀ ਬਣਨ ਤੱਕ ਸੋਧ ਐਕਟ ਨੂੰ ਮੁਲਤਵੀ ਰੱਖਣ ਲਈ ਕਿਹਾ ਗਿਆ ਸੀ।

ਅਕਾਲ ਤਖ਼ਤ ਦੀ ਮਾਹਿਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਨੇ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਮਾਹਿਰ ਕਮੇਟੀ ਗੱਲਬਾਤ ਲਈ ਤਿਆਰ ਹੈ। ਹਾਲਾਂਕਿ, ਉਨ੍ਹਾਂ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਨ ਵਾਲੇ ਕੁਝ ਅਜਿਹੇ ਵਿਅਕਤੀਆਂ ਦੇ ਬਿਆਨਾਂ ’ਤੇ ਇਤਰਾਜ਼ ਜਤਾਇਆ, ਜੋ ਸਰਕਾਰੀ ਤਾਲਮੇਲ ਕਮੇਟੀ ਦੇ ਮੈਂਬਰ ਨਹੀਂ ਸਨ। ਕਮੇਟੀ ਅਨੁਸਾਰ ਇਨ੍ਹਾਂ ਬਿਆਨਾਂ ਰਾਹੀਂ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਅਤੇ ਗੁੰਮਰਾਹਕੁੰਨ ਪ੍ਰਭਾਵ ਪੈਦਾ ਹੋਇਆ।

ਮਾਹਿਰ ਕਮੇਟੀ ਨੇ ਸਰਕਾਰੀ ਪੈਨਲ ’ਤੇ ਇਹ ਵੀ ਦੋਸ਼ ਲਾਇਆ ਕਿ 7, 14, 17 ਅਤੇ 21 ਨਵੰਬਰ ਨੂੰ ਭੇਜੇ ਗਏ ਪੱਤਰਾਂ ਰਾਹੀਂ ਉਠਾਏ ਗਏ ਇਤਰਾਜ਼ਾਂ ਅਤੇ ਚਿੰਤਾਵਾਂ ਨੂੰ ਵਾਰ-ਵਾਰ ਅਣਗੌਲਿਆ ਕੀਤਾ ਗਿਆ।

ਮਾਹਿਰ ਕਮੇਟੀ ਦੀ ਮੀਟਿੰਗ ਵਿੱਚ ਸਾਬਕਾ ਜੱਜ ਜਸਟਿਸ ਰੁਪਿੰਦਰ ਸਿੰਘ ਸੋਢੀ ਅਤੇ ਜਸਟਿਸ ਮਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਵਕੀਲ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ, ਪ੍ਰੋ. ਜਗਮੋਹਨ ਸਿੰਘ ਅਤੇ ਕੋਆਰਡੀਨੇਟਰ ਲਖਵੀਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਸਮੁੱਚੇ ਘਟਨਾਕ੍ਰਮ ਦੀ ਸਮੀਖਿਆ ਕਰਦਿਆਂ ਇਹ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਸਪੱਸ਼ਟ ਕਰੇ ਕਿ ਸੋਧ ਐਕਟ ਇਸ ਸਮੇਂ ਲਾਗੂ ਹੈ ਜਾਂ ਅਕਾਲ ਤਖ਼ਤ ਦੇ ਆਦੇਸ਼ਾਂ ਅਨੁਸਾਰ ਇਸ ਦੇ ਅਮਲ ’ਤੇ ਰੋਕ ਲਗਾਈ ਗਈ ਹੈ।

ਕਮੇਟੀ ਨੇ ਕਿਹਾ ਕਿ ਪ੍ਰਸਤਾਵਿਤ ਮੀਟਿੰਗ ਦਾ ਮੁੱਖ ਮਕਸਦ ਪਾਰਦਰਸ਼ਤਾ ਕਾਇਮ ਕਰਨਾ, ਸਿੱਖ ਕੌਮ ਵਿੱਚ ਪੈਦਾ ਹੋ ਰਹੇ ਭੰਬਲਭੂਸੇ ਨੂੰ ਦੂਰ ਕਰਨਾ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਹੈ।

ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਰਸਮੀ ਤੌਰ ’ਤੇ ਇਹ ਵੀ ਸਪੱਸ਼ਟੀਕਰਨ ਮੰਗਿਆ ਹੈ ਕਿ ਕੀ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਲੋੜੀਂਦੀਆਂ ਸੋਧਾਂ ਕੀਤੇ ਜਾਣ ਤੱਕ ਐਕਟ ਦੇ ਅਮਲ ’ਤੇ ਰੋਕ ਲਗਾਉਣ ਸਬੰਧੀ ਕੋਈ ਸਰਕਾਰੀ ਹੁਕਮ ਜਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਕਮੇਟੀ ਮੈਂਬਰਾਂ ਅਨੁਸਾਰ, 29 ਜੂਨ ਨੂੰ ਕਸਟੋਡੀਅਨ (ਸਰਪ੍ਰਸਤ) ਧਾਰਾ ਸਮੇਤ ਹੋਰ ਧਾਰਮਿਕ ਵਿਵਸਥਾਵਾਂ ਸਬੰਧੀ ਇਤਰਾਜ਼ ਦੂਰ ਕਰਨ ਲਈ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਕਾਨੂੰਨ ਵਿੱਚ ਸੋਧ ਕਰਨ ਅਤੇ ਨਾ ਹੀ ਇਸ ਦੇ ਅਮਲ ਨੂੰ ਮੁਅੱਤਲ ਕਰਨ ਲਈ ਕੋਈ ਠੋਸ ਕਦਮ ਚੁੱਕੇ ਗਏ ਹਨ।