ਅਵਾਸ ਨੀਤੀਆਂ ਕਾਰਨ ਕੈਨੇਡਾ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਦੀਆਂ ਇਮੀਗ੍ਰੇਸ਼ਨ ਅਤੇ ਅਵਾਸ ਨੀਤੀਆਂ ਨੂੰ ਲੈ ਕੇ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਕੀਤੀ ਪੋਸਟ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਕੈਨੇਡਾ ਹਰ ਸਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਦੇਸ਼ ਵਿੱਚ ਆਉਣ ਦੀ ਇਜਾਜ਼ਤ ਦੇ ਰਿਹਾ ਹੈ, ਜਿਸ ਨਾਲ ਭਵਿੱਖ ਵਿੱਚ ਗੰਭੀਰ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ।

ਟਰੰਪ ਨੇ ਕਿਹਾ ਕਿ ਕੈਨੇਡਾ ਵੱਲੋਂ ਪ੍ਰਵਾਸੀਆਂ ਦੀ ਆਮਦ ਸਬੰਧੀ ਅਪਣਾਈ ਜਾ ਰਹੀ ਨੀਤੀ ਲੰਬੇ ਸਮੇਂ ਵਿੱਚ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਵਧ ਰਹੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਹੋਰ ਸਾਵਧਾਨੀ ਨਾਲ ਕੰਮ ਕਰਨ ਦੀ ਲੋੜ ਹੈ।

ਉੱਧਰ, ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਅਨੰਦ ਨੇ ਟਰੰਪ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪ੍ਰਵਾਸੀਆਂ ਨੇ ਕੈਨੇਡਾ ਦੀ ਆਰਥਿਕਤਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 2024 ਤੋਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਕਈ ਸੋਧਾਂ ਕਰਦਿਆਂ ਵਿਦੇਸ਼ੀ ਆਮਦ ਨੂੰ ਨਿਯੰਤਰਿਤ ਕਰਨ ਲਈ ਕਦਮ ਚੁੱਕੇ ਹਨ।

ਅਨੀਤਾ ਅਨੰਦ ਮੁਤਾਬਕ ਸਰਕਾਰ ਦਾ ਟੀਚਾ ਆਰਜ਼ੀ ਨਿਵਾਸੀਆਂ ਦੀ ਗਿਣਤੀ ਨੂੰ ਘਟਾ ਕੇ ਕੁੱਲ ਅਬਾਦੀ ਦੇ ਲਗਭਗ 5 ਫੀਸਦੀ ਤੱਕ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ’ਤੇ ਵਧ ਰਹੇ ਦਬਾਅ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 2028 ਤੱਕ ਹਰ ਸਾਲ ਲਗਭਗ 3.8 ਲੱਖ ਪ੍ਰਵਾਸੀਆਂ ਦੇ ਦਾਖਲੇ ਦਾ ਟੀਚਾ ਰੱਖਿਆ ਗਿਆ ਹੈ। ਇਸ ਪ੍ਰਕਿਰਿਆ ਵਿੱਚ ਦੇਸ਼ ਅੰਦਰ ਮੌਜੂਦ ਹੁਨਰਮੰਦ ਅਤੇ ਤਜਰਬੇਕਾਰ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੰਬੇ ਸਮੇਂ ਦੀ ਬਜਾਏ ਤਿੰਨ ਸਾਲਾ ਯੋਜਨਾਵਾਂ ਦੇ ਆਧਾਰ ’ਤੇ ਨੀਤੀਆਂ ਤਿਆਰ ਕਰ ਰਹੀ ਹੈ ਤਾਂ ਜੋ ਹਾਲਾਤਾਂ ਅਨੁਸਾਰ ਉਨ੍ਹਾਂ ਵਿੱਚ ਸੋਧ ਕੀਤੀ ਜਾ ਸਕੇ।

ਵਿਦੇਸ਼ ਮੰਤਰੀ ਨੇ ਟਰੰਪ ਵੱਲੋਂ ਕੈਨੇਡਾ ਵਿੱਚ ਬੇਰੁਜ਼ਗਾਰੀ ਵਧਣ ਸਬੰਧੀ ਕੀਤੇ ਗਏ ਦਾਅਵਿਆਂ ਨੂੰ ਵੀ ਖਾਰਜ ਕਰਦਿਆਂ ਕਿਹਾ ਕਿ ਉਪਲਬਧ ਆਰਥਿਕ ਅੰਕੜੇ ਅਜਿਹੀ ਤਸਵੀਰ ਪੇਸ਼ ਨਹੀਂ ਕਰਦੇ ਅਤੇ ਸਰਕਾਰ ਦੇਸ਼ ਦੀ ਆਰਥਿਕ ਸਥਿਰਤਾ ਨੂੰ ਬਣਾਈ ਰੱਖਣ ਲਈ ਲਗਾਤਾਰ ਕੰਮ ਕਰ ਰਹੀ ਹੈ।