ਦਾਦੀ ਦੇ ਸਸਕਾਰ ਮੌਕੇ ਅੰਮ੍ਰਿਤਪਾਲ ਸਿੰਘ ਦੀ ਆਮਦ ਨੇ ਮੁੜ ਭਖਾਈ ਪੰਜਾਬ ਦੀ ਸਿਆਸਤ, 2027 ਚੋਣਾਂ ਤੋਂ ਪਹਿਲਾਂ ਵਧੀ ਸਿਆਸੀ ਅਹਿਮੀਅਤ
ਆਪਣੀ ਗ੍ਰਿਫ਼ਤਾਰੀ ਤੋਂ ਸਾਢੇ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸ਼ਨਿੱਚਰਵਾਰ ਨੂੰ ਆਪਣੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਵਾਸਤੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦੇ ਗਏ ਅੰਮ੍ਰਿਤਪਾਲ ਸਿੰਘ ਦੀ ਇਸ ਸੰਖੇਪ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੇ ਉਨ੍ਹਾਂ ਦੇ ਸਿਆਸੀ ਪ੍ਰਭਾਵ ਵੱਲ ਮੁੜ ਧਿਆਨ ਖਿੱਚਿਆ ਹੈ।
ਅਪਰੈਲ 2023 ਵਿੱਚ ਗ੍ਰਿਫ਼ਤਾਰੀ ਸਮੇਂ ਕਾਫ਼ੀ ਕਮਜ਼ੋਰ ਦਿਖਾਈ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਇਸ ਵਾਰ ਜੇਲ੍ਹ ਵਿੱਚੋਂ ਬਾਹਰ ਆਉਣ ਸਮੇਂ ਕਾਫ਼ੀ ਸਿਹਤਮੰਦ ਨਜ਼ਰ ਆਏ। ਚਿਖਾ ਕੋਲ ਖੜ੍ਹੇ ਹੋ ਕੇ ਉਨ੍ਹਾਂ ਨੇ ਆਪਣੀ ਦਾਦੀ ਦੀ ਤਸਵੀਰ ਅੱਗੇ ਰੱਖੀ ਅਤੇ ਉੱਥੇ ਇਕੱਠੇ ਹੋਏ ਲੋਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ। ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਵੱਡੀ ਗਿਣਤੀ ਵਿੱਚ ਪੁੱਜੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਭਰਵੇਂ ਹੁੰਗਾਰੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪ੍ਰਸੰਗਿਕਤਾ ਬਾਰੇ ਨਵੀਂ ਬਹਿਸ ਛੇੜ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲਾਂ ‘ਦਿ ਟ੍ਰਿਬਿਊਨ ਨਿਊਜ਼ਰੂਮ’ ਨਾਲ ਗੱਲਬਾਤ ਦੌਰਾਨ ਕਹਿ ਚੁੱਕੇ ਹਨ ਕਿ ਅੰਮ੍ਰਿਤਪਾਲ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ, ਕਿਉਂਕਿ ਲੰਬੀ ਕੈਦ ਉਨ੍ਹਾਂ ਦੀ ਲੋਕਪ੍ਰਿਅਤਾ ਵਿੱਚ ਹੋਰ ਵਾਧਾ ਕਰ ਸਕਦੀ ਹੈ।
ਦੁਬਈ ਤੋਂ ਵਾਪਸੀ ਮਗਰੋਂ ‘ਵਾਰਿਸ ਪੰਜਾਬ ਦੇ’ ਦੀ ਕਮਾਨ
ਅੰਮ੍ਰਿਤਪਾਲ ਸਿੰਘ ਦਾ ਜਨਮ 17 ਜਨਵਰੀ 1993 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਸਾਲ 2022 ਵਿੱਚ ਭਾਰਤ ਪਰਤਣ ਤੋਂ ਪਹਿਲਾਂ ਉਹ ਕਰੀਬ ਇੱਕ ਦਹਾਕੇ ਤੱਕ ਦੁਬਈ ਵਿੱਚ ਆਪਣੇ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਰਹੇ। ਉਹ ਸਤੰਬਰ 2022 ਵਿੱਚ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਵੱਲੋਂ ਬਣਾਈ ਗਈ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੀ ਕਮਾਨ ਸੰਭਾਲਣ ਤੋਂ ਬਾਅਦ ਸੁਰਖੀਆਂ ਵਿੱਚ ਆਏ।
ਫਰਵਰੀ 2022 ਵਿੱਚ ਇੱਕ ਸੜਕ ਹਾਦਸੇ ਦੌਰਾਨ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਸਤੰਬਰ 2022 ਵਿੱਚ ਅੰਮ੍ਰਿਤਪਾਲ ਸਿੰਘ ਨੂੰ ਜਥੇਬੰਦੀ ਦਾ ਮੁਖੀ ਥਾਪਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮਾਂ, ਅੰਮ੍ਰਿਤ ਸੰਚਾਰ ਅਤੇ ਵੱਖਰੇ ਰਾਜ ਦੀ ਵਕਾਲਤ ਰਾਹੀਂ ਆਪਣੀ ਸਿਆਸੀ ਪਛਾਣ ਬਣਾਈ।
ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂ ਵਜੋਂ ਦੇਖਦੇ ਹਨ, ਜਦਕਿ ਆਲੋਚਕ ਉਨ੍ਹਾਂ ਦੀ ਵੱਖਵਾਦੀ ਬਿਆਨਬਾਜ਼ੀ ਅਤੇ ਟਕਰਾਅ ਵਾਲੀ ਸਿਆਸਤ ’ਤੇ ਸਵਾਲ ਚੁੱਕਦੇ ਹਨ।
ਦਾਦੀ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਆਮਦ ਅਤੇ ਸਮਰਥਕਾਂ ਵੱਲੋਂ ਮਿਲੇ ਹੁੰਗਾਰੇ ਨੇ ਇੱਕ ਵਾਰ ਫਿਰ ਇਹ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਅਹਿਮ ਕੇਂਦਰ ਬਣੇ ਹੋਏ ਹਨ। ਹੁਣ ਦੇਖਣਾ ਹੋਵੇਗਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਸਿਆਸੀ ਭੂਮਿਕਾ ਕਿਸ ਤਰ੍ਹਾਂ ਦਾ ਰੂਪ ਧਾਰਦੀ ਹੈ।








