Amritsar Police Action: CASO ਤਹਿਤ ਹੌਟਸਪੌਟ ਇਲਾਕਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ’ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਜ਼ੋਨ-2 ਵੈਸਟ ਸਬ-ਡਵੀਜ਼ਨ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। CASO (ਕਾਰਡਨ ਐਂਡ ਸਰਚ ਆਪ੍ਰੇਸ਼ਨ) ਤਹਿਤ ਕੀਤੀ ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣਾ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਸੀ।
ਇਸ ਸਰਚ ਆਪ੍ਰੇਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਕਮਾਂਡੋ ਯੂਨਿਟਾਂ ਨੂੰ ਵੀ ਤਾਇਨਾਤ ਕੀਤਾ ਗਿਆ। ਕਾਰਵਾਈ ਦੀ ਨਿਗਰਾਨੀ ਡੀਸੀਪੀ ਸਿਟੀ-2 ਸਿਰੀਵਨੇਲਾ ਅਤੇ ਏਸੀਪੀ ਵੈਸਟ ਵੱਲੋਂ ਕੀਤੀ ਗਈ, ਜਦਕਿ ਛਾਉਣੀ ਅਤੇ ਛੇਹਰਟਾ ਥਾਣਿਆਂ ਦੇ ਐੱਸਐੱਚਓਜ਼ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਰਹੇ।
ਪੁਲਿਸ ਅਧਿਕਾਰੀਆਂ ਮੁਤਾਬਕ ਸੋਮਵਾਰ ਤੜਕੇ ਘਨੂਪੁਰ ਕਾਲੇ ਅਤੇ ਕਪਟਗੜ੍ਹ ਖੇਤਰਾਂ ਨੂੰ ਘੇਰ ਕੇ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾਏ ਗਏ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ।
ਕਾਰਵਾਈ ਦੌਰਾਨ ਪੁਲਿਸ ਟੀਮਾਂ ਵੱਲੋਂ ਆਦਤਨ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਘਰ-ਘਰ ਜਾ ਕੇ ਵੈਰੀਫਿਕੇਸ਼ਨ, ਵਾਹਨਾਂ ਦੀ ਜਾਂਚ ਅਤੇ ਸ਼ੱਕੀ ਗਤੀਵਿਧੀਆਂ ਸਬੰਧੀ ਪੁੱਛਗਿੱਛ ਕੀਤੀ ਗਈ। ਇਲਾਕੇ ਦੇ ਵੱਖ-ਵੱਖ ਪੁਆਇੰਟਾਂ ’ਤੇ ਪੁਲਿਸ ਬਲ ਤਾਇਨਾਤ ਕਰਕੇ ਸਖ਼ਤ ਨਿਗਰਾਨੀ ਰੱਖੀ ਗਈ।
ਪੁਲਿਸ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਅਨਸਰਾਂ ’ਤੇ ਦਬਾਅ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਤਸਕਰੀ, ਅਪਰਾਧਿਕ ਗਤੀਵਿਧੀਆਂ ਅਤੇ ਸੰਭਾਵੀ ਵਾਰਦਾਤਾਂ ਨੂੰ ਰੋਕਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।







