ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ

Golden Temple Incident: ਸ੍ਰੀ ਹਰਿਮੰਦਰ ਸਾਹਿਬ ਅੰਦਰ ਬੇਅਦਬੀ ਦੇ ਦੋਸ਼ ਹੇਠ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਕਥਿਤ ਬੇਅਦਬੀ ਦੀ ਘਟਨਾ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਕੇ ਇੱਕ ਮਹਿਲਾ ਸ਼ਰਧਾਲੂ ਦੇ ਸੂਟ ਨਾਲ ਬੰਨ੍ਹ ਦਿੱਤੇ। ਮਹਿਲਾ ਨੂੰ ਇਸ ਬਾਰੇ ਜਾਣਕਾਰੀ ਮਿਲਣ ਉਪਰੰਤ ਉਸ ਨੇ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਸ਼ੱਕੀ ਦੀ ਪਛਾਣ ਸ਼ਹੀਦ ਊਧਮ ਸਿੰਘ ਨਗਰ ਦੇ ਵਸਨੀਕ ਮਨਦੀਪ ਸਿੰਘ ਵਜੋਂ ਹੋਈ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਸਹਾਇਕ ਪੁਲੀਸ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਰਿਕਰਮਾ ਵਿੱਚ ਡਿਊਟੀ ਨਿਭਾ ਰਹੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਸਿਮਰਨਜੀਤ ਸਿੰਘ ਵੱਲੋਂ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪੁਲੀਸ ਅਨੁਸਾਰ ਮਹਿਲਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਜਦੋਂ ਪਰਿਵਾਰ ਉੱਥੇ ਬੈਠਾ ਹੋਇਆ ਸੀ ਤਾਂ ਮੁਲਜ਼ਮ ਨੇ ਕਥਿਤ ਤੌਰ ’ਤੇ ਗੁਟਕਾ ਸਾਹਿਬ ਦੇ ਫਾਟੇ ਹੋਏ ਅੰਗ ਮਹਿਲਾ ਦੇ ਸੂਟ ਨਾਲ ਬੰਨ੍ਹ ਦਿੱਤੇ। ਬਾਅਦ ਵਿੱਚ ਇਸ ਗੱਲ ਦਾ ਪਤਾ ਲੱਗਣ ’ਤੇ ਮਾਮਲਾ ਸਾਹਮਣੇ ਆਇਆ।

ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਵਾਕਿਆ ਅੱਜ ਸਵੇਰੇ ਵਾਪਰਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੁਲਜ਼ਮ ਨੇ ਇਹ ਕਦਮ ਕਿਉਂ ਚੁੱਕਿਆ ਅਤੇ ਗੁਟਕਾ ਸਾਹਿਬ ਦੇ ਅੰਗ ਕਿੱਥੋਂ ਲਿਆਂਦੇ ਗਏ। ਸੀਸੀਟੀਵੀ ਫੁਟੇਜ ਵਿੱਚ ਵਿਅਕਤੀ ਨੂੰ ਮਹਿਲਾ ਦੇ ਸੂਟ ਨਾਲ ਉਹ ਅੰਗ ਬੰਨ੍ਹਦੇ ਹੋਏ ਦੇਖਿਆ ਗਿਆ ਹੈ। ਪੁਲੀਸ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।