ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 8 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਥਾਵਾਂ ’ਤੇ ਆਕਾਸ਼ੀ ਬਿਜਲੀ ਡਿੱਗਣ ਦਾ ਖਤਰਾ ਵੀ ਬਣਿਆ ਰਹੇਗਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ

ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦਾ ਖਤਰਾ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ ਦੇ ਨਾਲ ਆਕਾਸ਼ੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਦੱਸੀ ਗਈ ਹੈ। ਖਰਾਬ ਮੌਸਮ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

ਪੰਜਾਬ ਦੇ ਤਾਪਮਾਨ ਵਿੱਚ 1.8 ਡਿਗਰੀ ਦੀ ਕਮੀ

ਮੌਸਮ ਵਿੱਚ ਆਏ ਬਦਲਾਅ ਦਾ ਸਿੱਧਾ ਅਸਰ ਤਾਪਮਾਨ ’ਤੇ ਵੀ ਪਿਆ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਅਤੇ ਬੱਦਲਵਾਈ ਦੇ ਚੱਲਦਿਆਂ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਰਹਿਣ ਦੀ ਉਮੀਦ ਹੈ।