ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ 26 ਤੋਂ 29 ਜਨਵਰੀ ਤੱਕ ਕੁਝ ਜ਼ਿਲ੍ਹਿਆਂ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ 26 ਜਨਵਰੀ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਇਲਾਕਿਆਂ—ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ)—ਵਿੱਚ ਹਲਕੀ ਵਰਖਾ ਹੋ ਸਕਦੀ ਹੈ, ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
ਉੱਥੇ ਹੀ 27 ਜਨਵਰੀ ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਮੀਂਹ ਦੀ ਤੀਬਰਤਾ ਵਧ ਸਕਦੀ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਦਰਮਿਆਨਾ ਮੀਂਹ ਪੈਣ ਦੀ ਪੇਸ਼ਗੋਈ ਕੀਤੀ ਗਈ ਹੈ। ਦੱਖਣ-ਪੱਛਮੀ ਪੰਜਾਬ ਦੇ ਕੁਝ ਖੇਤਰਾਂ ਵਿੱਚ ਹਲਕੀ ਵਰਖਾ ਹੋਣ ਦੇ ਆਸਾਰ ਹਨ।
28 ਜਨਵਰੀ ਨੂੰ ਮੁੜ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬੁੰਦਾ-ਬਾਂਦੀ ਹੋ ਸਕਦੀ ਹੈ, ਜਦਕਿ ਬਾਕੀ ਸੂਬੇ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਪੰਜਾਬ ਭਰ ਵਿੱਚ ਮੌਸਮ ਪੂਰੀ ਤਰ੍ਹਾਂ ਸੁੱਕਾ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਜਤਾਈ ਗਈ।
ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੀ ਪੇਸ਼ਗੋਈ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਦਿਨਚਰਿਆ ਅਤੇ ਖੇਤੀਬਾੜੀ ਸੰਬੰਧੀ ਕੰਮਾਂ ਦੀ ਯੋਜਨਾ ਬਣਾਉਣ। ਖ਼ਾਸ ਕਰਕੇ 27 ਜਨਵਰੀ ਨੂੰ ਸੰਭਾਵਿਤ ਵਰਖਾ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।






