ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਅਕਾਲੀ ਆਗੂ ਹਿਰਾਸਤ ’ਚ, SGPC ਚੋਣਾਂ ਲਈ ਦਿੱਲੀ ’ਚ ਕੱਢਿਆ ਰੋਸ ਮਾਰਚ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਰੋਸ ਮਾਰਚ ਕੱਢਿਆ ਗਿਆ। ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਵੱਲ ਜਾ ਰਹੇ ਇਸ ਮਾਰਚ ਨੂੰ ਦਿੱਲੀ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਦਿੱਤਾ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਪਾਰਟੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਮੈਂਬਰਾਂ, ਪੰਜਾਬ ਦੇ ਹੋਰ ਆਗੂਆਂ ਅਤੇ ਦਿੱਲੀ ਦੀ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।
15 ਸਾਲਾਂ ਤੋਂ ਚੋਣਾਂ ਨਾ ਹੋਣ ’ਤੇ ਚੁੱਕੇ ਸਵਾਲ
ਪਾਰਟੀ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਗਪਗ 15 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਸੰਸਥਾ ਦੀ ਲੋਕਤੰਤਰੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਚੋਣਾਂ ਕਰਵਾਉਣ ਵਿੱਚ ਆ ਰਹੀਆਂ ਕਾਨੂੰਨੀ ਅੜਚਣਾਂ ਦੂਰ ਕਰਕੇ ਜਲਦੀ ਚੋਣਾਂ ਦਾ ਐਲਾਨ ਕਰਨ ਦੀ ਮੰਗ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਲਾਂਘੇ ਦਾ ਮੁੱਦਾ ਵੀ ਉਠਾਇਆ
ਰੋਸ ਮਾਰਚ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦੇ ਵੀ ਉਠਾਏ ਗਏ।
ਇਸ ਤੋਂ ਪਹਿਲਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿੱਚ ਦਿੱਲੀ ਦੀਆਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਆਗੂਆਂ ਅਤੇ ਸੰਗਤ ਵੱਲੋਂ ਪੰਡਿਤ ਮਾਰਗ ਰਾਹੀਂ ਸੰਸਦ ਵੱਲ ਮਾਰਚ ਸ਼ੁਰੂ ਕੀਤਾ ਗਿਆ। ਹਾਲਾਂਕਿ, ਦਿੱਲੀ ਪੁਲੀਸ ਨੇ ਮਾਰਚ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਅਤੇ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।








