ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਸਿਆਸੀ ਘਮਾਸਾਣ, ਹਰਸਿਮਰਤ ਬਾਦਲ ਦੀ ਪੋਸਟ ’ਤੇ ਭਾਜਪਾ ਆਗੂ ਨੇ ਚੁੱਕੇ ਸਵਾਲ
ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਨੇੜੇ ਸੀਜੇਪੀ ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸਿਆਸੀ ਵਿਵਾਦ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੁਲਿਸ ਦੀ ਕਥਿਤ ਕਾਰਵਾਈ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਇਸ ਦੌਰਾਨ ਗੁਰਦੁਆਰੇ ਦੀ ਪਵਿੱਤਰਤਾ ਦਾ ਨਿਰਾਦਰ ਕੀਤਾ ਗਿਆ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਮਾੜਾ ਸਲੂਕ ਕੀਤਾ ਗਿਆ।
ਹਰਸਿਮਰਤ ਬਾਦਲ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪਾਈ ਪੋਸਟ ਵਿੱਚ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਪਵਿੱਤਰ ਅਹਾਤੇ ਵਿੱਚ ਦਾਖ਼ਲ ਹੋਣਾ ਅਤੇ ਧਰਨੇ ਦੌਰਾਨ ਮਹਿਲਾਵਾਂ ਨਾਲ ਧੱਕੇਸ਼ਾਹੀ ਕਰਨਾ ਕਿਸੇ ਵੀ ਤਰ੍ਹਾਂ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦਿੱਲੀ ਪੁਲਿਸ ਨੂੰ ਇਸ ਕਾਰਵਾਈ ਲਈ ਜਵਾਬਦੇਹ ਬਣਾਉਣ ਦੀ ਮੰਗ ਵੀ ਕੀਤੀ।
ਫੂਲਕਾ ਨੇ ਅਕਾਲੀ ਦਲ ਦੀ ਪੋਸਟ ’ਤੇ ਚੁੱਕੇ ਸਵਾਲ
ਹਰਸਿਮਰਤ ਬਾਦਲ ਦੀ ਪੋਸਟ ਤੋਂ ਬਾਅਦ ਭਾਜਪਾ ਆਗੂ ਅਤੇ ਸੁਪਰੀਮ ਕੋਰਟ ਦੇ ਵਕੀਲ ਐੱਚ.ਐੱਸ. ਫੂਲਕਾ ਨੇ ਐਕਸ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਥਿਤ ਤੌਰ ’ਤੇ ਗ਼ਲਤ ਅਤੇ ਝੂਠਾ ਬਿਰਤਾਂਤ ਫੈਲਾਉਣ ਵਿੱਚ ਕਿਉਂ ਸ਼ਾਮਲ ਹੋ ਰਿਹਾ ਹੈ।
ਇਸ ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ। ਹਾਲਾਂਕਿ ਹਰਸਿਮਰਤ ਬਾਦਲ ਨੇ ਕੁਝ ਸਮੇਂ ਬਾਅਦ ਆਪਣੀ ਪੋਸਟ ਹਟਾ ਦਿੱਤੀ, ਪਰ ਵਿਰੋਧੀ ਧਿਰ ਦੇ ਕਈ ਆਗੂਆਂ ਵੱਲੋਂ ਇਸ ਦਾ ਸਕਰੀਨਸ਼ਾਟ ਸੰਭਾਲ ਕੇ ਸਾਂਝਾ ਕੀਤਾ ਜਾਣ ਲੱਗਾ।
ਭਾਜਪਾ-ਅਕਾਲੀ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਵਿਵਾਦ
ਇਹ ਵਿਵਾਦ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਵਿਚਾਲੇ ਮੁੜ ਰਸਮੀ ਗੱਠਜੋੜ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਿਆਸ ਲਾਏ ਜਾ ਰਹੇ ਹਨ ਕਿ ਅਕਤੂਬਰ ਦੇ ਅਖ਼ੀਰ ਤੱਕ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਬਾਰੇ ਕੋਈ ਫ਼ੈਸਲਾ ਹੋ ਸਕਦਾ ਹੈ।
ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਵਿਰੁੱਧ ਵਿਰੋਧ ਵਧ ਰਿਹਾ ਹੈ।
ਦੂਜੇ ਪਾਸੇ, ਭਾਜਪਾ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਨੇ ਗੁਰਦੁਆਰੇ ਵਿੱਚ ਧਰਨੇ, ਨਾਅਰੇਬਾਜ਼ੀ ਅਤੇ ਕਥਿਤ ਗ਼ੈਰ-ਧਾਰਮਿਕ ਭਾਸ਼ਣਾਂ ’ਤੇ ਸਵਾਲ ਉਠਾਉਂਦਿਆਂ ਇਸ ਘਟਨਾ ਦੀ ਨਿਖੇਧੀ ਕਰਨ ਦੀ ਗੱਲ ਕਹੀ। ਇਸ ਤਰ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਨੇੜੇ ਵਾਪਰੀ ਘਟਨਾ ਨੇ ਧਾਰਮਿਕ ਮਰਿਆਦਾ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵਿੱਚ ਸੰਭਾਵਿਤ ਗੱਠਜੋੜ ਨੂੰ ਲੈ ਕੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ।







