ਗੁਲਜ਼ਾਰ ਮਾਮਲੇ ’ਚ ਕਾਂਗਰਸ ਦਾ ਰੋਸ, ਚੰਡੀਗੜ੍ਹ ’ਚ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Gulzar Case: ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਵਿੱਚ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਵੱਲੋਂ ਇਹ ਪ੍ਰਦਰਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ, ਜਦਕਿ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਇਕੱਠ ਕੀਤਾ। ਇਸ ਤੋਂ ਬਾਅਦ ਪਾਰਟੀ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕਰਨ ਦਾ ਐਲਾਨ ਕੀਤਾ ਗਿਆ।

ਗੁਲਜ਼ਾਰ ਮਾਮਲੇ ’ਚ ਕਾਰਵਾਈ ਦੀ ਮੰਗ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿੱਚ ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਕਾਂਗਰਸ ਦਾ ਦਾਅਵਾ ਹੈ ਕਿ ਗੁਲਜ਼ਾਰ ਸਿੰਘ ਨੇ ਆਪਣੀ ਖ਼ੁਦਕੁਸ਼ੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਵਿੱਤ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਕਈ ਸੀਨੀਅਰ ਕਾਂਗਰਸੀ ਆਗੂ ਹੋਏ ਸ਼ਾਮਲ

ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਸੁਖਪਾਲ ਸਿੰਘ ਖਹਿਰਾ ਅਤੇ ਸਾਧੂ ਸਿੰਘ ਧਰਮਸੋਤ ਸਮੇਤ ਹੋਰ ਆਗੂ ਮੌਜੂਦ ਰਹੇ।

ਕਾਂਗਰਸ ਵੱਲੋਂ ਇਸ ਮਾਮਲੇ ਵਿੱਚ ਸਰਕਾਰ ’ਤੇ ਦਬਾਅ ਬਣਾਉਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।