ਚੰਡੀਗੜ੍ਹ ‘ਆਪ’ ਵਿੱਚ ਦੀਪਾ ਦੂਬੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪਾਰਟੀ ਨੇ ਮੀਤ ਪ੍ਰਧਾਨ ਕੀਤਾ ਨਿਯੁਕਤ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ ਦੀਪਾ ਦੂਬੇ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਉਨ੍ਹਾਂ ਨੂੰ ਚੰਡੀਗੜ੍ਹ ਇਕਾਈ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ‘ਆਪ’ ਦੇ ਇੰਚਾਰਜ ਜਰਨੈਲ ਸਿੰਘ, ਪ੍ਰਧਾਨ ਵਿਜੇਪਾਲ ਸਿੰਘ ਅਤੇ ਜਨਰਲ ਸਕੱਤਰ ਓਂਕਾਰ ਔਲਖ ਵੱਲੋਂ ਅਧਿਕਾਰਤ ਪੱਤਰ ਜਾਰੀ ਕਰਕੇ ਨਿਯੁਕਤੀ ਦਾ ਐਲਾਨ ਕੀਤਾ ਗਿਆ।
ਦੱਸਣਯੋਗ ਹੈ ਕਿ ਦੀਪਾ ਦੂਬੇ ਇਸ ਤੋਂ ਪਹਿਲਾਂ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਰਹਿ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਇਸ ਮੌਕੇ ਚੰਡੀਗੜ੍ਹ ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਨੇ ਦੀਪਾ ਦੂਬੇ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਸੀ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਦੀਪਾ ਦੂਬੇ ਨੇ ਚੰਡੀਗੜ੍ਹ ਕਾਂਗਰਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਚੰਡੀਗੜ੍ਹ ਵਿੱਚ ਕਾਂਗਰਸ ਦੇ ਕੁਝ ਆਗੂਆਂ ਦੀ ਭਾਜਪਾ ਨਾਲ ਕਥਿਤ ਮਿਲੀਭੁਗਤ ਕਾਰਨ ਭਾਜਪਾ ਦੇ ਮੇਅਰ ਬਣਦੇ ਰਹੇ ਹਨ। ਉਨ੍ਹਾਂ ਇਸ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਸੀ ਕਿ ਅਜਿਹੀ ਸਿਆਸਤ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ।
ਦੀਪਾ ਦੂਬੇ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਗੱਲ ਵੀ ਆਖੀ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਸੀ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਜਿੱਤ ਦਰਜ ਕਰੇਗੀ।
ਇਸ ਦੌਰਾਨ ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਵਿਜੇਪਾਲ ਸਿੰਘ ਨੇ ਦੀਪਾ ਦੂਬੇ ਨੂੰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੀਪਾ ਦੂਬੇ ਲੰਮੇ ਸਮੇਂ ਤੋਂ ਸਿਆਸਤ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਕੋਲ ਸਿਆਸੀ ਤੇ ਸੰਗਠਨਾਤਮਕ ਕੰਮਕਾਜ ਦਾ ਤਜਰਬਾ ਹੈ।
ਵਿਜੇਪਾਲ ਸਿੰਘ ਨੇ ਉਮੀਦ ਜਤਾਈ ਕਿ ਦੀਪਾ ਦੂਬੇ ਦੇ ਤਜਰਬੇ ਅਤੇ ਸਰਗਰਮ ਭੂਮਿਕਾ ਨਾਲ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਵੀ ਦੀਪਾ ਦੂਬੇ ਪਾਰਟੀ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।







