ਚੰਡੀਗੜ੍ਹ ਦੇ ‘ਗੇੜੀ ਰੂਟ’ ਸਬੰਧੀ ਸ਼ਿਕਾਇਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਕਾਰਵਾਈ
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (ਪੀਐੱਸਐੱਚਆਰਸੀ) ਨੇ ਚੰਡੀਗੜ੍ਹ ਦੇ ਸੈਕਟਰ 36-ਏ ਵਿੱਚ ਸਥਿਤ ਐੱਮਸੀਐੱਮ ਡੀਏਵੀ ਕਾਲਜ ਦੇ ਨੇੜੇ ‘ਗੇੜੀ ਰੂਟ’ ਕਾਰਨ ਪੈਦਾ ਹੋ ਰਹੀਆਂ ਕਥਿਤ ਸਮੱਸਿਆਵਾਂ ਅਤੇ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਗੰਭੀਰ ਨੋਟਿਸ ਲਿਆ ਹੈ।
ਇਹ ਮਾਮਲਾ ਸੈਕਟਰ 36-ਏ ਦੇ ਵਸਨੀਕ ਕੁਲਬੀਰ ਸਿੰਘ ਰਾਣਾ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਲਾਕੇ ਵਿੱਚ ਵਾਹਨਾਂ ਦੀ ਭੀੜ, ਹੌਲੀ ਅਤੇ ਲਾਪਰਵਾਹ ਡਰਾਈਵਿੰਗ, ਅਤੇ ਕਾਲਜ ਦੇ ਬਾਹਰ ਨੌਜਵਾਨਾਂ ਦੇ ਇਕੱਠ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਛੇੜਛਾੜ, ਅਣਉਚਿਤ ਟਿੱਪਣੀਆਂ, ਝਗੜਿਆਂ ਅਤੇ ਵਿਦਿਆਰਥਣਾਂ ਦੀ ਬਿਨਾਂ ਇਜਾਜ਼ਤ ਵੀਡੀਓ ਬਣਾਉਣ ਵਰਗੀਆਂ ਘਟਨਾਵਾਂ ਬਾਰੇ ਵੀ ਚਿੰਤਾ ਜਤਾਈ ਗਈ ਹੈ।
ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੇਰ ਰਾਤ ਤੱਕ ਜਾਰੀ ਰਹਿਣ ਵਾਲੀ ਇਹ ਗਤੀਵਿਧੀ ਆਲੇ-ਦੁਆਲੇ ਦੇ ਨਿਵਾਸੀਆਂ ਲਈ ਪਰੇਸ਼ਾਨੀ ਅਤੇ ਅਸੁਰੱਖਿਆ ਦਾ ਕਾਰਨ ਬਣ ਰਹੀ ਹੈ। ਇਸ ਦੌਰਾਨ 6 ਅਗਸਤ 2026 ਨੂੰ ਕਾਲਜ ਦੇ ਬਾਹਰ ਦੋ ਧਿਰਾਂ ਵਿਚਾਲੇ ਹੋਏ ਝਗੜੇ ਦਾ ਵੀ ਜ਼ਿਕਰ ਕੀਤਾ ਗਿਆ, ਜਿਸ ਮਗਰੋਂ ਪੁਲਿਸ ਨੂੰ ਮੌਕੇ ’ਤੇ ਬੁਲਾਉਣਾ ਪਿਆ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਨੂੰ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਹ ਰਿਪੋਰਟ ਅਗਲੀ ਸੁਣਵਾਈ ਤੋਂ ਪਹਿਲਾਂ ਕਮਿਸ਼ਨ ਕੋਲ ਜਮ੍ਹਾਂ ਕਰਵਾਈ ਜਾਵੇਗੀ।
ਸ਼ਿਕਾਇਤਕਰਤਾ ਨੇ ਇਲਾਕੇ ਵਿੱਚ ਨਿਯਮਤ ਪੁਲਿਸ ਗਸ਼ਤ, ਵੇਰਕਾ ਬੂਥ ਨੇੜੇ ਪੁਲਿਸ ਬੀਟ ਸਥਾਪਤ ਕਰਨ ਅਤੇ ਟਰੈਫਿਕ ਨੂੰ ਸੁਚਾਰੂ ਬਣਾਉਣ ਲਈ ਚੈਕਿੰਗ ਪੁਆਇੰਟ ਬਣਾਉਣ ਦੀ ਮੰਗ ਕੀਤੀ ਹੈ, ਤਾਂ ਜੋ ਪਰੇਸ਼ਾਨੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਕਾਬੂ ਪਾਇਆ ਜਾ ਸਕੇ।
ਕਮਿਸ਼ਨ ਨੇ ਆਪਣੇ ਅਵਲੋਕਨ ਵਿੱਚ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਦਾ ਮਾਹੌਲ ਸੁਰੱਖਿਅਤ, ਅਨੁਸ਼ਾਸਿਤ ਅਤੇ ਵਿਦਿਆਰਥੀਆਂ, ਖ਼ਾਸ ਕਰਕੇ ਮਹਿਲਾਵਾਂ ਲਈ ਸੁਖਦ ਹੋਣਾ ਚਾਹੀਦਾ ਹੈ। ਇਸ ਲਈ ਅਜਿਹੇ ਖੇਤਰਾਂ ਵਿੱਚ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।







