ਚੰਡੀਗੜ੍ਹ ’ਚ 6.20 ਕਰੋੜ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ
ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਦੀ ਵਿੱਤ ਅਤੇ ਇਕਰਾਰਨਾਮਾ ਕਮੇਟੀ (ਐੱਫ ਐਂਡ ਸੀਸੀ) ਦੀ ਹੋਈ ਮੀਟਿੰਗ ਦੌਰਾਨ 6.20 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸਬੰਧਤ ਏਜੰਡਿਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੀਟਿੰਗ ਦੀ ਅਗਵਾਈ ਮੇਅਰ ਸੌਰਭ ਜੋਸ਼ੀ ਨੇ ਕੀਤੀ।
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਸਮੇਤ ਕਮੇਟੀ ਮੈਂਬਰ ਹਰਜੀਤ ਸਿੰਘ, ਜਸਬੀਰ ਸਿੰਘ ਬੰਟੀ, ਰਾਜਿੰਦਰ ਕੁਮਾਰ ਸ਼ਰਮਾ, ਯੋਗੇਸ਼ ਢੀਂਗਰਾ ਅਤੇ ਵਿਸ਼ੇਸ਼ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਕਮੇਟੀ ਵੱਲੋਂ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਸਬੰਧਤ ਤਜਵੀਜ਼ਾਂ ’ਤੇ ਵਿਚਾਰ ਕੀਤਾ ਗਿਆ। ਇਸ ਦੌਰਾਨ ਪਾਣੀ ਦੀ ਸਪਲਾਈ, ਸਫ਼ਾਈ ਪ੍ਰਬੰਧ, ਸੜਕਾਂ ਦੀ ਹਾਲਤ, ਪਾਰਕਾਂ ਦੀ ਸੰਭਾਲ ਅਤੇ ਜਨਤਕ ਸਹੂਲਤਾਂ ਸਮੇਤ ਹੋਰ ਜ਼ਰੂਰੀ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ।
ਨਗਰ ਨਿਗਮ ਅਨੁਸਾਰ ਇਨ੍ਹਾਂ ਕਾਰਜਾਂ ਦਾ ਉਦੇਸ਼ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਸੁਧਾਰਨਾ ਅਤੇ ਵੱਖ-ਵੱਖ ਖੇਤਰਾਂ ਵਿੱਚ ਲੋੜੀਂਦੇ ਵਿਕਾਸ ਨੂੰ ਅੱਗੇ ਵਧਾਉਣਾ ਹੈ।






