ਜਬਰ-ਜਨਾਹ ਮਾਮਲਾ: ਅਮਰਜੀਤ ਚਾਵਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ

ਜਬਰ-ਜਨਾਹ ਦੇ ਦੋਸ਼ਾਂ ਹੇਠ ਨਾਮਜ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਕਰੀਬ ਪੰਜ ਹਫ਼ਤਿਆਂ ਬਾਅਦ ਰੋਪੜ ਪੁਲੀਸ ਨੇ ਜਾਂਚ ਨੂੰ ਅੱਗੇ ਵਧਾਉਂਦਿਆਂ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਲਈ ਸੱਦਾ ਭੇਜਿਆ ਹੈ। ਇਸ ਦੇ ਨਾਲ ਹੀ ਚਾਵਲਾ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲਓਸੀ) ਵੀ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪੁਲੀਸ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਤ ਡਰਾਈਵਰ ਮੋਹਣ ਸਿੰਘ, ਮੁਅੱਤਲ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਖਾਲਸਾ ਦੀ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਥਾਣਾ ਆਨੰਦਪੁਰ ਸਾਹਿਬ ਵਿਖੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਪੁਲੀਸ ਅਧਿਕਾਰੀਆਂ ਮੁਤਾਬਕ ਅਮਰਜੀਤ ਸਿੰਘ ਚਾਵਲਾ ਆਪਣੇ ਖ਼ਿਲਾਫ਼ ਕੇਸ ਦਰਜ ਹੋਣ ਤੋਂ ਪਹਿਲਾਂ ਹੀ 14 ਅਗਸਤ ਨੂੰ ਕੈਨੇਡਾ ਚਲਾ ਗਿਆ ਸੀ। ਉਸ ਖ਼ਿਲਾਫ਼ 21 ਅਗਸਤ ਨੂੰ ਥਾਣਾ ਆਨੰਦਪੁਰ ਸਾਹਿਬ ਵਿੱਚ ਜਬਰ-ਜਨਾਹ, ਗ਼ੈਰ-ਕਾਨੂੰਨੀ ਤੌਰ ’ਤੇ ਬੰਧਕ ਬਣਾਉਣ ਅਤੇ ਧਮਕੀਆਂ ਦੇਣ ਸਬੰਧੀ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ।

ਐੱਫਆਈਆਰ ਅਨੁਸਾਰ ਮਾਲਵਾ ਖੇਤਰ ਦੀ ਇੱਕ ਔਰਤ ਨੇ ਦੋਸ਼ ਲਾਇਆ ਹੈ ਕਿ ਚਾਵਲਾ ਨੇ ਉਸ ਨਾਲ ਜਾਣ-ਪਛਾਣ ਬਣਾਕੇ ਭਰੋਸਾ ਹਾਸਲ ਕੀਤਾ ਅਤੇ ਬਾਅਦ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਸ਼ਿਕਾਇਤ ਵਿੱਚ 27 ਫਰਵਰੀ ਤੋਂ 19 ਅਗਸਤ ਦਰਮਿਆਨ ਵਾਪਰੀਆਂ ਕਈ ਘਟਨਾਵਾਂ ਦਾ ਜ਼ਿਕਰ ਹੈ, ਜਿਨ੍ਹਾਂ ਵਿੱਚ ਆਨੰਦਪੁਰ ਸਾਹਿਬ ਸਥਿਤ ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ ਦੀ ਇੱਕ ਕਥਿਤ ਘਟਨਾ ਵੀ ਸ਼ਾਮਲ ਹੈ। ਸ਼ਿਕਾਇਤਕਰਤਾ ਵੱਲੋਂ ਆਪਣਾ ਬਿਆਨ ਅਦਾਲਤ ਸਾਹਮਣੇ ਵੀ ਦਰਜ ਕਰਵਾਇਆ ਜਾ ਚੁੱਕਾ ਹੈ।

ਦੂਜੇ ਪਾਸੇ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਅਤੇ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ। ਉਸ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਦਾਅਵਾ ਕੀਤਾ ਸੀ ਕਿ ਉਸ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।

ਇਸ ਮਾਮਲੇ ਦੇ ਮੱਦੇਨਜ਼ਰ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਮਰਜੀਤ ਸਿੰਘ ਚਾਵਲਾ ਨੂੰ ਖਾਲਸਾ ਪੰਥ ਵਿੱਚੋਂ ਛੇਕਣ ਦਾ ਫ਼ੈਸਲਾ ਵੀ ਲਿਆ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਭਾਈ ਮਲਕੀਤ ਸਿੰਘ ਅਤੇ ਡਰਾਈਵਰ ਮੋਹਣ ਸਿੰਘ ਨੂੰ ਵੀ ਅਨੈਤਿਕ ਮਾਮਲੇ ਵਿੱਚ ਨਾਮ ਆਉਣ ਕਾਰਨ ਮੁਅੱਤਲ ਕਰ ਦਿੱਤਾ ਸੀ।

ਚਾਵਲਾ ਨੇ ਅਕਾਲ ਤਖ਼ਤ ਦੀ ਕਾਰਵਾਈ ’ਤੇ ਵੀ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਸ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਨਹੀਂ ਦ