ਜਲੰਧਰ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਬਸਤੀ ਬਾਵਾ ਖੇਲ ਦੇ ਰਾਜ ਨਗਰ ਇਲਾਕੇ ਵਿੱਚ ਇਕ ਨਸ਼ਾ ਤਸਕਰ ਦੇ ਨਾਜਾਇਜ਼ ਤੌਰ ‘ਤੇ ਬਣੇ ਘਰ ‘ਤੇ ਨਗਰ ਨਿਗਮ ਅਤੇ ਪੁਲਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਨਗਰ ਨਿਗਮ ਵੱਲੋਂ ਨਰਿੰਦਰ ਕੁਮਾਰ ਉਰਫ਼ ਬਾਬਾ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਅੱਜ ਪੁਲਸ ਸੁਰੱਖਿਆ ਹੇਠ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਨਗਰ ਨਿਗਮ ਦੀ ਟੀਮ ਦੇ ਨਾਲ ਏ.ਸੀ.ਪੀ. ਆਤਿਸ਼ ਭਾਟੀਆ ਅਤੇ ਬਸਤੀ ਬਾਵਾ ਖੇਲ ਥਾਣੇ ਦੇ ਐੱਸ.ਐੱਚ.ਓ. ਵੀ ਮੌਜੂਦ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏ.ਸੀ.ਪੀ. ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪੁਲਸ ਸੁਰੱਖਿਆ ਲਈ ਪੱਤਰ ਭੇਜਿਆ ਗਿਆ ਸੀ, ਤਾਂ ਜੋ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਨਰਿੰਦਰ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਤਸਕਰੀ ਸਮੇਤ ਵੱਖ-ਵੱਖ ਮਾਮਲਿਆਂ ਵਿੱਚ 14 ਐਫ਼ਆਈਆਰ ਦਰਜ ਹਨ। ਨਾਜਾਇਜ਼ ਉਸਾਰੀ ਦੇ ਮਾਮਲੇ ਨੂੰ ਲੈ ਕੇ ਉਸ ਦੇ ਘਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ।






