ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ

ਜਲੰਧਰ ਨਗਰ ਨਿਗਮ ਨੇ ਸ਼ਹਿਰ ਦੀ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਹੁਣ ਜੇ ਕੋਈ ਵਿਅਕਤੀ ਸੜਕ, ਪਾਰਕ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਕੂੜਾ ਸੁੱਟਦਾ ਫੜਿਆ ਗਿਆ ਤਾਂ ਪਹਿਲੀ ਵਾਰ ਉਸ ਤੋਂ 1000 ਰੁਪਏ ਅਤੇ ਦੂਜੀ ਵਾਰ 2000 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ।

ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਵੱਲੋਂ ਨਵੀਂ ਨੀਤੀ ਤਿਆਰ ਕੀਤੀ ਗਈ ਹੈ। ਇਹ ਨੀਤੀ ਨਾ ਸਿਰਫ ਆਮ ਲੋਕਾਂ ਲਈ, ਸਗੋਂ ਦੁਕਾਨਦਾਰਾਂ, ਹੋਟਲ ਮਾਲਕਾਂ ਅਤੇ ਉਦਯੋਗਿਕ ਇਕਾਈਆਂ ਲਈ ਵੀ ਲਾਗੂ ਹੋਵੇਗੀ। ਵੱਖ-ਵੱਖ ਉਲੰਘਣਾਂ ਲਈ ਵੱਖ-ਵੱਖ ਜੁਰਮਾਨੇ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਜੇ ਕੋਈ ਵਿਅਕਤੀ ਜਾਂ ਸੰਸਥਾ ਨਿਗਮ ਦੇ ਕੂੜਾ-ਕਰਕਟ ਪ੍ਰਬੰਧਨ ਨਿਯਮਾਂ ਦੀ ਪਾਲਣਾ ਨਹੀਂ ਕਰਦੀ, ਤਾਂ ਉਸ ਤੋਂ ਜਾਇਦਾਦ ਟੈਕਸ ਦੇ ਨਾਲ ਵਾਧੂ ਜੁਰਮਾਨਾ ਵੀ ਲਗਾਇਆ ਜਾਵੇਗਾ। ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਸਫ਼ਾਈ ਬਾਰੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜੇਕਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਗਿਣਤੀ ਘੱਟ ਪਈ ਤਾਂ ਸਫ਼ਾਈ ਦਾ ਕੰਮ ਆਊਟਸੋਰਸਿੰਗ ਏਜੰਸੀਆਂ ਰਾਹੀਂ ਕਰਵਾਇਆ ਜਾਵੇਗਾ। ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਨੂੰ ਗੰਦਗੀ-ਮੁਕਤ ਬਣਾਉਣ ਲਈ ਇੱਕ ਖ਼ਾਸ ਮੁਹਿੰਮ ਚਲਾਈ ਜਾਵੇਗੀ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਵੇਂ ਨਿਯਮ ਲਾਗੂ ਕੀਤੇ ਜਾਣਗੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।