ਜ਼ੀਰਕਪੁਰ ਦੇ ਬਲਟਾਣਾ ’ਚ ਸਾਬਕਾ ਕੌਂਸਲਰ ਦੇ ਘਰ ’ਤੇ ਤਾਬੜਤੋੜ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਬਲਟਾਣਾ ’ਚ ਸਾਬਕਾ ਕੌਂਸਲਰ ਦੇ ਘਰ ’ਤੇ 7 ਤੋਂ 8 ਰਾਊਂਡ ਫਾਇਰਿੰਗ, ਕੁਝ ਮਹੀਨੇ ਪਹਿਲਾਂ ਵੀ ਮਿਲੀਆਂ ਸਨ ਧਮਕੀਆਂ

ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਸਾਬਕਾ ਕੌਂਸਲਰ ਦੇ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਰਾਤ ਕਰੀਬ 2:15 ਵਜੇ ਅਣਪਛਾਤੇ ਹਮਲਾਵਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ 7 ਤੋਂ 8 ਰਾਊਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ ਹਨ। ਮੁੱਢਲੀ ਜਾਣਕਾਰੀ ਮੁਤਾਬਕ, ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਪੁਲੀਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੇ ਆਧਾਰ ’ਤੇ ਗੋਲੀਬਾਰੀ ਵਿੱਚ ਵਰਤੇ ਗਏ ਹਥਿਆਰ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਮਾਮਲੇ ਵਿੱਚ ਇੱਕ ਅਹਿਮ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਸਾਬਕਾ ਕੌਂਸਲਰ ਦੇ ਪਰਿਵਾਰ ਨੂੰ ਕੁਝ ਮਹੀਨੇ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ। ਹਾਲਾਂਕਿ, ਤਾਜ਼ਾ ਗੋਲੀਬਾਰੀ ਪਿੱਛੇ ਅਸਲ ਕਾਰਨ ਕੀ ਹੈ, ਇਸ ਬਾਰੇ ਪੁਲੀਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਉੱਧਰ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਵੀ ਮੌਕੇ ’ਤੇ ਪਹੁੰਚੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।