Punjab DA Arrears: ਡੀਏ ਬਕਾਇਆ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਅਦਾਇਗੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਕਰੀਬ 14,191 ਕਰੋੜ ਰੁਪਏ ਦੀ ਰਕਮ ਨੂੰ ਸਿਰਫ਼ ਦੋ ਹਫ਼ਤਿਆਂ ਦੇ ਅੰਦਰ ਜਾਰੀ ਕਰਨਾ ਵਿਹਾਰਕ ਅਤੇ ਸੰਵਿਧਾਨਕ ਤੌਰ ’ਤੇ ਸੰਭਵ ਨਹੀਂ ਹੈ।
ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਦਾਇਰ ਕੀਤੀ ਗਈ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐਸਐਲਪੀ) ਵਿੱਚ 3 ਅਗਸਤ ਨੂੰ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਲ ਇੰਡੀਆ ਸਰਵਿਸਿਜ਼ (IAS/IPS) ਅਧਿਕਾਰੀਆਂ ਦੇ ਬਰਾਬਰ ਦਰਾਂ ਅਨੁਸਾਰ ਡੀਏ ਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਪਟੀਸ਼ਨ ਵਿੱਚ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਸੰਵਿਧਾਨ ਦੀ ਧਾਰਾ 266(3) ਅਨੁਸਾਰ ਰਾਜ ਦੇ ਸੰਕਲਿਤ ਫੰਡ ਵਿੱਚੋਂ ਰਕਮ ਕੱਢਣ ਲਈ ਨਿਰਧਾਰਿਤ ਸੰਵਿਧਾਨਕ ਪ੍ਰਕਿਰਿਆ ਦੀ ਪਾਲਣਾ ਲਾਜ਼ਮੀ ਹੈ, ਜਿਸ ਕਾਰਨ ਇੰਨੀ ਵੱਡੀ ਰਕਮ ਦਾ ਤੁਰੰਤ ਭੁਗਤਾਨ ਸੰਭਵ ਨਹੀਂ।
ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਇਹ ਵੀ ਕਿਹਾ ਸੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਬਕਾਏ ਦੀ ਅਦਾਇਗੀ ਨਾ ਕੀਤੀ ਗਈ ਤਾਂ ਸਰਕਾਰ ਨੂੰ 6 ਫ਼ੀਸਦੀ ਸਧਾਰਨ ਵਿਆਜ ਵੀ ਦੇਣਾ ਪਵੇਗਾ। ਇਸ ਦੇ ਨਾਲ ਹੀ ਬਕਾਏ ਦੀ ਅਦਾਇਗੀ ਤੱਕ ਗੈਰ-ਉਤਪਾਦਕ ਖਰਚਿਆਂ ’ਤੇ ਰੋਕ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।
ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਸਿਵਲ ਸਰਵਿਸਿਜ਼ (ਸੋਧੇ ਹੋਏ ਵੇਤਨ) ਨਿਯਮ, 2021 ਅਧੀਨ ਡੀਏ ਦੀਆਂ ਦਰਾਂ, ਸਮਾਂ-ਸੀਮਾ ਜਾਂ ਕਿਸੇ ਖਾਸ ਫਾਰਮੂਲੇ ਦੀ ਕੋਈ ਬੰਨ੍ਹ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਕੇਂਦਰੀ ਨਿਯਮਾਂ ਅਧੀਨ ਡੀਏ ਮਿਲਦਾ ਹੈ, ਇਸ ਲਈ ਉਨ੍ਹਾਂ ਨਾਲ ਸੂਬਾ ਮੁਲਾਜ਼ਮਾਂ ਦੀ ਸਿੱਧੀ ਤੁਲਨਾ ਠੀਕ ਨਹੀਂ।
ਪਟੀਸ਼ਨ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਮੌਜੂਦਾ 42 ਫ਼ੀਸਦੀ ਡੀਏ ਦੇ ਆਧਾਰ ’ਤੇ ਪੰਜਾਬ ਦੇ ਕਈ ਵਰਗਾਂ ਦੇ ਕਰਮਚਾਰੀ ਕੇਂਦਰੀ ਕਰਮਚਾਰੀਆਂ ਨਾਲੋਂ ਵੱਧ ਮਹੀਨਾਵਾਰ ਤਨਖਾਹ ਪ੍ਰਾਪਤ ਕਰ ਰਹੇ ਹਨ। ਸਰਕਾਰ ਦੇ ਅਨੁਸਾਰ ਕਲਰਕ ਅਤੇ ਕਾਂਸਟੇਬਲ ਵਰਗੇ ਅਹੁਦਿਆਂ ’ਤੇ ਪੰਜਾਬ ਦੀ ਬੇਸਿਕ ਤਨਖਾਹ ਹੀ ਕੇਂਦਰੀ ਤਨਖਾਹ ਅਤੇ ਡੀਏ ਦੇ ਕੁੱਲ ਜੋੜ ਨਾਲੋਂ ਵੱਧ ਹੈ।
ਸਰਕਾਰ ਨੇ ਅਦਾਲਤ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਫਰਵਰੀ 2025 ਵਿੱਚ ਕੈਬਨਿਟ ਨੇ 14,191 ਕਰੋੜ ਰੁਪਏ ਦੇ ਬਕਾਏ ਨੂੰ ਅਗਲੇ ਪੰਜ ਵਿੱਤੀ ਸਾਲਾਂ ਦੌਰਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਇਸ ਲਈ ਇੱਕੋ ਵਾਰ ਪੂਰੀ ਰਕਮ ਜਾਰੀ ਕਰਨ ਦੀ ਬਜਾਏ ਕਿਸ਼ਤਾਂ ਵਿੱਚ ਅਦਾਇਗੀ ਨੂੰ ਹੀ ਵਿਹਾਰਕ ਹੱਲ ਦੱਸਿਆ ਗਿਆ ਹੈ।
ਦੂਜੇ ਪਾਸੇ, ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਵੀ ਸੁਪਰੀਮ ਕੋਰਟ ਵਿੱਚ ਕੇਵੀਅਟ ਦਾਇਰ ਕੀਤੀ ਗਈ ਹੈ ਅਤੇ ਉਹ ਆਪਣੇ ਹੱਕਾਂ ਲਈ ਕਾਨੂੰਨੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੇ ਬਕਾਏ ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇ।







