ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਮਗਰੋਂ ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ਭੇਜੇ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਐਤਵਾਰ ਨੂੰ ਮੁੜ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਵਿਖੇ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਮਗਰੋਂ ਉਹ ਦਿੱਲੀ ਰਾਹੀਂ ਡਿਬਰੂਗੜ੍ਹ ਪਹੁੰਚੇ। ਡਿਬਰੂਗੜ੍ਹ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਕੇਂਦਰੀ ਜੇਲ੍ਹ ਲਿਜਾਇਆ ਗਿਆ, ਜਿੱਥੇ ਉਹ ਇਸ ਸਮੇਂ ਬੰਦ ਹਨ।

ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ਵਿਖੇ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹਿਰਾਸਤੀ ਪੈਰੋਲ (ਕਸਟਡੀ ਪੈਰੋਲ) ਤਹਿਤ ਮਿਲੀ ਇਜਾਜ਼ਤ ਦੇ ਆਧਾਰ ’ਤੇ ਉਹ ਭਾਰੀ ਪੁਲੀਸ ਸੁਰੱਖਿਆ ਹੇਠ ਆਪਣੇ ਘਰ ਪਹੁੰਚੇ ਸਨ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਫੇਰੀ ਲਈ ਕਈ ਸਖ਼ਤ ਸ਼ਰਤਾਂ ਵੀ ਲਗਾਈਆਂ ਗਈਆਂ ਸਨ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਪਹਿਲਾਂ ਦੱਸਿਆ ਸੀ ਕਿ ਹਿਰਾਸਤੀ ਪੈਰੋਲ ਦੌਰਾਨ ਉਨ੍ਹਾਂ ਨੂੰ ਮੀਡੀਆ ਜਾਂ ਆਮ ਲੋਕਾਂ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਇਨ੍ਹਾਂ ਪਾਬੰਦੀਆਂ ਨੂੰ ਸੰਸਦ ਮੈਂਬਰ ਦੇ ਸੰਵਿਧਾਨਕ ਅਧਿਕਾਰਾਂ ’ਤੇ ਰੋਕ ਕਰਾਰ ਦਿੱਤਾ। ਵਕੀਲ ਪੰਨੂ ਨੇ ਕਿਹਾ, “ਅਦਾਲਤ ਦੇ ਹੁਕਮਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਨੇ ਅੰਮ੍ਰਿਤਪਾਲ ਸਿੰਘ ’ਤੇ ਦੋ ਸ਼ਰਤਾਂ ਲਗਾਈਆਂ ਹਨ। ਪਹਿਲੀ, ਉਹ ਮੀਡੀਆ ਨੂੰ ਸੰਬੋਧਨ ਨਹੀਂ ਕਰ ਸਕਦੇ ਅਤੇ ਦੂਜੀ, ਉਹ ਆਮ ਲੋਕਾਂ ਨੂੰ ਵੀ ਸੰਬੋਧਨ ਨਹੀਂ ਕਰ ਸਕਦੇ। ਸਾਡਾ ਮੰਨਣਾ ਹੈ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਰੁਤਬੇ ਨੂੰ ਦੇਖਦਿਆਂ ਇਹ ਪਾਬੰਦੀਆਂ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਸੀਮਤ ਕਰਨ ਦੇ ਬਰਾਬਰ ਹਨ। ਸੂਬਾ ਸਰਕਾਰ ਸਪੱਸ਼ਟ ਤੌਰ ’ਤੇ ਉਨ੍ਹਾਂ ਦੀ ਆਵਾਜ਼ ਤੋਂ ਡਰੀ ਹੋਈ ਹੈ।”

ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ

ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੁਲੀਸ ਵੱਲੋਂ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਪੁਲੀਸ ਨੇ ਅਦਾਲਤੀ ਹੁਕਮਾਂ, ਨਿਰਧਾਰਤ ਸ਼ਰਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਸਨ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲੀਸ ਕਪਤਾਨ (ਐੱਸ.ਐੱਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਸੀ ਕਿ ਅਦਾਲਤੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਅਤੇ ਆਵਾਜਾਈ ਦੇ ਪ੍ਰਬੰਧਾਂ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ, “ਪੰਜਾਬ ਪੁਲੀਸ ਦੇ ਹਿੱਸੇ ਵਜੋਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅਮਨ-ਕਾਨੂੰਨ ਬਣਾਈ ਰੱਖਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਅਦਾਲਤੀ ਹੁਕਮਾਂ, ਨਿਰਧਾਰਤ ਸ਼ਰਤਾਂ, ਲੋਕਾਂ ਦੀਆਂ ਭਾਵਨਾਵਾਂ ਅਤੇ ਅਧਿਕਾਰਾਂ ਦੇ ਨਾਲ-ਨਾਲ ਸਥਾਨਕ ਰੀਤੀ-ਰਿਵਾਜਾਂ ਤੇ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਅਤੇ ਅਮਨ-ਕਾਨੂੰਨ ਦੀ ਸਥਿਤੀ ਯਕੀਨੀ ਬਣਾਉਣ ਲਈ ਲੋੜੀਂਦੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਮੁਲਾਜ਼ਮਾਂ ਦੀ ਗਿਣਤੀ ਸਬੰਧੀ ਅਸੀਂ ਲੋੜ ਅਨੁਸਾਰ ਪੂਰੀ ਨਫ਼ਰੀ ਤਾਇਨਾਤ ਕੀਤੀ ਸੀ।”

ਅਜਨਾਲਾ ਥਾਣੇ ’ਤੇ ਹੋਏ ਹਮਲੇ ਮਗਰੋਂ ਆਏ ਸਨ ਚਰਚਾ ਵਿੱਚ

ਜ਼ਿਕਰਯੋਗ ਹੈ ਕਿ 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਵਿਖੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨਾਲ ਝੜਪ ਵੀ ਹੋਈ ਸੀ। ਉਨ੍ਹਾਂ ਦੇ ਇਸ ਸਾਥੀ ਨੂੰ ਕਥਿਤ ਤੌਰ ’ਤੇ ਭੜਕਾਊ ਅਤੇ ਖ਼ਾਲਿਸਤਾਨ ਪੱਖੀ ਬਿਆਨ ਦੇਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

2023 ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਨਜ਼ਰਬੰਦੀ ਵਿੱਚ ਦੋ ਵਾਰ ਵਾਧਾ ਕੀਤਾ ਜਾ ਚੁੱਕਾ ਹੈ। ਪਹਿਲੀ ਵਾਰ ਅਪਰੈਲ 2024 ਅਤੇ ਦੂਜੀ ਵਾਰ ਅਪਰੈਲ 2025 ਵਿੱਚ ਉਨ੍ਹਾਂ ਦੀ ਨਜ਼ਰਬੰਦੀ ਦੀ ਮਿਆਦ ਵਧਾਈ ਗਈ ਸੀ। ਅਪਰੈਲ 2025 ਵਿੱਚ ਨਜ਼ਰਬੰਦੀ ਵਿੱਚ ਕੀਤੇ ਗਏ ਤਾਜ਼ਾ ਵਾਧੇ ਨੂੰ ਚੁਣੌਤੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।