ਨਾਂਦੇੜ ਹਾਦਸੇ ’ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗੀ ਆਰਥਿਕ ਮਦਦ, PM ਮੋਦੀ ਨੇ ਕੀਤਾ ਐਲਾਨ

ਨਾਂਦੇੜ ਹਾਦਸੇ ’ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੀ ਸਹਾਇਤਾ

ਨਾਂਦੇੜ: ਮਹਾਰਾਸ਼ਟਰ ਦੇ ਨਾਂਦੇੜ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕਰਦਿਆਂ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਦਿੱਤੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ’ਤੇ ਦੁੱਖ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ।

ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਵੀਰਵਾਰ ਸ਼ਾਮ ਟਰੱਕ ਅਤੇ ਟਾਟਾ ਮੈਜਿਕ ਵੈਨ ਵਿਚਕਾਰ ਭਿਆਨਕ ਟੱਕਰ ਹੋਈ ਸੀ। ਇਸ ਹਾਦਸੇ ਵਿੱਚ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖਮੀ ਹੋਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸਾ ਨਾਂਦੇੜ-ਭੋਕਰ ਹਾਈਵੇਅ ’ਤੇ ਵਾਕਾਡ ਪਿੰਡ ਨੇੜੇ ਸੀਤਾਖੰਡੀ ਇਲਾਕੇ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਾਟਾ ਮੈਜਿਕ ਵੈਨ ਨਾਂਦੇੜ ਤੋਂ ਭੋਕਰ ਵੱਲ ਜਾ ਰਹੀ ਸੀ। ਇਸੇ ਦੌਰਾਨ ਵੈਨ ਦੀ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸੜਕ ਤੋਂ ਦੂਰ ਜਾ ਡਿੱਗੀ, ਜਦਕਿ ਟਰੱਕ ਦਾ ਅਗਲਾ ਹਿੱਸਾ ਵੀ ਨੁਕਸਾਨਿਆ ਗਿਆ।

ਰਿਪੋਰਟਾਂ ਅਨੁਸਾਰ ਵੈਨ ਵਿੱਚ 12 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਨਾਲ ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।