ਨਿਊਜ਼ੀਲੈਂਡ ’ਚ ਦਰਦਨਾਕ ਹਾਦਸਾ, ਪੰਜਾਬੀ ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ

ਇੰਟਰਨੈਸ਼ਨਲ ਡੈਸਕ : ਨਿਊਜ਼ੀਲੈਂਡ ਦੇ ਸਾਊਥ ਆਕਲੈਂਡ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਪੰਜਾਬੀ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਟਾਕਾਨੀਨੀ ਦੇ ਗ੍ਰੇਟ ਸਾਊਥ ਰੋਡ ’ਤੇ ਐਤਵਾਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ‘ਬਰਗਰਫਿਊਲ’ ਰੈਸਟੋਰੈਂਟ ਦੀ ਇਮਾਰਤ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਨਵ-ਵਿਆਹੇ ਜੋੜੇ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮੁੱਢਲੀਆਂ ਰਿਪੋਰਟਾਂ ਮੁਤਾਬਕ ਹਾਦਸੇ ਸਮੇਂ ਕਾਰ ਦੀ ਰਫ਼ਤਾਰ 150 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਜ਼ਿਆਦਾ ਸੀ।

ਮ੍ਰਿਤਕਾਂ ਦੀ ਪਛਾਣ 33 ਸਾਲਾ ਸੁਖਦੀਪ ਸਿੰਘ, ਉਸ ਦੀ 29 ਸਾਲਾ ਪਤਨੀ ਸੁਖਵੀਰ ਕੌਰ ਅਤੇ 38 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਸੁਖਦੀਪ ਸਿੰਘ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਨਿਆਣਾ ਖੁਰਦ ਦਾ ਰਹਿਣ ਵਾਲਾ ਸੀ ਅਤੇ ਨਿਊਜ਼ੀਲੈਂਡ ਵਿੱਚ ਕੋਰੀਅਰ ਸਰਵਿਸ ਦਾ ਕਾਰੋਬਾਰ ਕਰਦਾ ਸੀ। ਉਸ ਦੀ ਪਤਨੀ ਸੁਖਵੀਰ ਕੌਰ ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਨਾਲ ਸਬੰਧਤ ਸੀ। ਦੋਵਾਂ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਹੋਇਆ ਸੀ ਅਤੇ ਸੁਖਵੀਰ ਕੌਰ ਵਿਆਹ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਹੀ ਨਿਊਜ਼ੀਲੈਂਡ ਪਹੁੰਚੀ ਸੀ। ਤੀਜੇ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਸਬੰਧ ਵੀ ਇਸੇ ਪਰਿਵਾਰ ਨਾਲ ਸੀ ਅਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਨਿਊਜ਼ੀਲੈਂਡ ਵਿੱਚ ਕੋਰੀਅਰ ਸਰਵਿਸ ਦੀ ਵੈਨ ਚਲਾ ਰਿਹਾ ਸੀ।

ਸੁਪਰੀਮ ਸਿੱਖ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਤਿੰਨੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਸਨ ਅਤੇ ਸਾਊਥ ਆਕਲੈਂਡ ਵਿੱਚ ਇਕੱਠੇ ਰਹਿੰਦੇ ਸਨ। ਇਸ ਹਾਦਸੇ ਕਾਰਨ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਨਿਊਜ਼ੀਲੈਂਡ ਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰ ਵੱਲੋਂ ਤਿੰਨਾਂ ਮ੍ਰਿਤਕ ਦੇਹਾਂ ਨੂੰ ਅੰਤਿਮ ਸੰਸਕਾਰ ਲਈ ਪੰਜਾਬ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਲਜੀਤ ਸਿੰਘ ਅਨੁਸਾਰ ਮ੍ਰਿਤਕ ਦੇਹਾਂ ਨੂੰ ਨਿਊਜ਼ੀਲੈਂਡ ਤੋਂ ਪੰਜਾਬ ਭੇਜਣ ’ਤੇ ਲਗਭਗ 40 ਹਜ਼ਾਰ ਤੋਂ 50 ਹਜ਼ਾਰ ਨਿਊਜ਼ੀਲੈਂਡ ਡਾਲਰ ਖ਼ਰਚ ਹੋਣ ਦਾ ਅਨੁਮਾਨ ਹੈ। ਪਰਿਵਾਰ ਨੂੰ ਇਸ ਮੁਸ਼ਕਲ ਘੜੀ ਵਿੱਚ ਆਰਥਿਕ ਸਹਾਇਤਾ ਦੇਣ ਲਈ ਸੁਪਰੀਮ ਸਿੱਖ ਸੁਸਾਇਟੀ ਵੱਲੋਂ ‘ਗਿਵਅਲਿਟਲ’ (Givealittle) ਪਲੇਟਫਾਰਮ ’ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਉੱਧਰ, ਸਥਾਨਕ ਪੁਲਸ ਵੱਲੋਂ ਮ੍ਰਿਤਕਾਂ ਦੀ ਅਧਿਕਾਰਤ ਪਛਾਣ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਕਾਨੂੰਨੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।