ਪੁਰਾਣੇ ਝਗੜੇ ਦੀ ਰੰਜਿਸ਼ ਬਣੀ ਕਤਲ ਦਾ ਕਾਰਨ, ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਪਟਿਆਲਾ ’ਚ ਨੌਜਵਾਨ ਦਾ ਕਤਲ

ਪਟਿਆਲਾ: ਪਟਿਆਲਾ ਦੇ ਤ੍ਰਿਪੜੀ ਇਲਾਕੇ ਅਧੀਨ ਆਉਂਦੇ ਰਣਜੀਤ ਨਗਰ ਵਿੱਚ ਇੱਕ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਡੀਐਸਪੀ ਸਿਟੀ-2 ਜੰਗਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਅਤੇ ਕੁਝ ਹੋਰ ਨੌਜਵਾਨਾਂ ਵਿਚਾਲੇ ਪਿਛਲੇ ਲਗਭਗ ਦੋ ਸਾਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਉਹ ਸਾਰੇ ਸਕੂਲ ਵਿੱਚ ਪੜ੍ਹਦੇ ਸਨ। ਘਟਨਾ ਵਾਲੇ ਦਿਨ ਕੁਝ ਨੌਜਵਾਨ ਇਕੱਠੇ ਬੈਠੇ ਸਨ ਅਤੇ ਕਥਿਤ ਤੌਰ ’ਤੇ ਸਨੈਪਚੈਟ ’ਤੇ ਲਾਈਵ ਹੋਣ ਤੋਂ ਬਾਅਦ ਪੁਰਾਣਾ ਵਿਵਾਦ ਮੁੜ ਭੜਕ ਗਿਆ। ਇਸ ਤੋਂ ਬਾਅਦ ਤਕਰਾਰ ਵਧ ਗਈ ਅਤੇ ਮਾਮਲਾ ਹਿੰਸਕ ਰੂਪ ਧਾਰਨ ਕਰ ਗਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਐਸਪੀ ਸਮੇਤ ਹੋਰ ਪੁਲਿਸ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ। ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

ਉਧਰ ਮ੍ਰਿਤਕ ਦੇ ਪਿਤਾ ਰਾਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਸਮੇਂ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੋ ਰਿਹਾ ਸੀ। ਉਹ ਝਗੜਾ ਰੋਕਣ ਲਈ ਅੱਗੇ ਗਏ ਸਨ ਅਤੇ ਇਸੇ ਦੌਰਾਨ ਉਨ੍ਹਾਂ ਦਾ ਪੁੱਤਰ ਵੀ ਉੱਥੇ ਪਹੁੰਚ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਇਸ ਦੌਰਾਨ ਹਮਲਾਵਰਾਂ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਰਾਜੀਵ ਕੁਮਾਰ ਮੁਤਾਬਕ ਘਟਨਾ ਵਿੱਚ ਕਰੀਬ 10 ਤੋਂ 12 ਨੌਜਵਾਨ ਸ਼ਾਮਲ ਸਨ ਅਤੇ ਉਨ੍ਹਾਂ ਵਿੱਚੋਂ ਕੁਝ ਦੀ ਉਹ ਪਛਾਣ ਵੀ ਕਰਦੇ ਹਨ। ਪਰਿਵਾਰ ਨੇ ਪੁਲਿਸ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।