‘ਪੈਸੇ ਲੈ ਕੇ ਹੋ ਰਹੀਆਂ ਟਰਾਂਸਫਰਾਂ’— BJP ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਉੱਤੇ ਅਧਿਕਾਰੀਆਂ ਦੀਆਂ ਤਬਦੀਲੀਆਂ ਅਤੇ ਤਾਇਨਾਤੀਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਹੁਦਾ ਛੱਡਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਅਸਤੀਫ਼ਾ ਜ਼ਰੂਰੀ ਹੈ।

ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ “ਕੈਸ਼-ਫਾਰ-ਟਰਾਂਸਫਰ” ਦਾ ਇੱਕ ਵੱਡਾ ਰੈਕਟ ਚੱਲ ਰਿਹਾ ਹੈ, ਜਿਸ ਤਹਿਤ ਪੈਸਿਆਂ ਦੇ ਬਦਲੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਅਤੇ ਕਥਿਤ ਤੌਰ ’ਤੇ ਸੰਬੰਧਤ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਟੀਆ ਨੇ ਕਿਹਾ ਕਿ ਈਡੀ ਦੀ ਜਾਂਚ ਦੌਰਾਨ ਅਜਿਹੇ ਤੱਥ ਸਾਹਮਣੇ ਆਏ ਹਨ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਸੀਨੀਅਰ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਇੱਕ ਨਿਰਧਾਰਤ “ਰੇਟ ਕਾਰਡ” ਦੇ ਅਧਾਰ ’ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਓਐੱਸਡੀ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਭਾਜਪਾ ਬੁਲਾਰੇ ਨੇ ਸਵਾਲ ਉਠਾਇਆ ਕਿ ਕੀ ਕਿਸੇ ਓਐੱਸਡੀ ਕੋਲ ਆਪਣੇ ਪੱਧਰ ’ਤੇ 20 ਤੋਂ ਵੱਧ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਦੀਆਂ ਤਬਦੀਲੀਆਂ ਕਰਨ ਦਾ ਅਧਿਕਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਜਾਣਕਾਰੀ ਅਤੇ ਮਨਜ਼ੂਰੀ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਲੱਗਦਾ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਜਾਂਚ ਸੌਂਪੀ ਜਾਵੇ। ਨਾਲ ਹੀ ਭਾਟੀਆ ਨੇ ਕਿਹਾ ਕਿ ਜਦੋਂ ਤੱਕ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ’ਤੇ ਹਨ, ਨਿਰਪੱਖ ਜਾਂਚ ’ਤੇ ਸਵਾਲ ਖੜ੍ਹੇ ਰਹਿਣਗੇ, ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।