ਪੰਜਾਬ ਕਾਂਗਰਸ ’ਤੇ ਪ੍ਰਤਾਪ ਬਾਜਵਾ ਦਾ ਤੰਜ, ਕਿਹਾ—‘ਕਦੋਂ ਮੌਸਮ ਤੇ ਕਦੋਂ ਪ੍ਰਧਾਨ ਬਦਲ ਜਾਵੇ, ਪਤਾ ਨਹੀਂ’

ਚੰਡੀਗੜ੍ਹ—ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਸੰਭਾਵਿਤ ਤਬਦੀਲੀ ਨੂੰ ਲੈ ਕੇ ਚਰਚਾਵਾਂ ਦਰਮਿਆਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਇਸ ਬਾਰੇ ਕੁਝ ਪਤਾ ਨਹੀਂ ਲੱਗਦਾ। ਬਾਜਵਾ ਨੇ ਇਹ ਟਿੱਪਣੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ।

ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਬਦੀਲੀ ਸਬੰਧੀ ਸਵਾਲ ’ਤੇ ਬਾਜਵਾ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਇਹ ਟਿੱਪਣੀ ਕੀਤੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਣਾ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੇ ਅਕਤੂਬਰ ਮਹੀਨੇ ਦੇ ਦੂਜੇ ਜਾਂ ਤੀਜੇ ਹਫ਼ਤੇ ਪੰਜਾਬ ਆਉਣ ਦੀ ਉਮੀਦ ਹੈ। ਇਸ ਦੌਰਾਨ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਵਧਾਉਣ ਲਈ ਸੂਬਾ ਪੱਧਰੀ ਰੈਲੀ ਕੱਢਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸਤੰਬਰ ਦੇ ਸ਼ੁਰੂ ਵਿੱਚ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਸੀ। ਇਸ ਤੋਂ ਬਾਅਦ ਪਾਇਲਟ ਨੇ ਪੰਜਾਬ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਚੋਣਾਂ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਹੈ।

ਇਸੇ ਪਿਛੋਕੜ ਵਿੱਚ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਸੂਬਾ ਪ੍ਰਧਾਨ ਦੇ ਅਹੁਦੇ ਵਿੱਚ ਤਬਦੀਲੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋਈਆਂ ਹਨ। ਹਾਲਾਂਕਿ ਬਾਜਵਾ ਨੇ ਕਿਹਾ ਕਿ ਇਸ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਕੀਤਾ ਜਾਵੇਗਾ।