ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਜਲਦ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਆਉਣ ਵਾਲਾ ਹੈ ਅਤੇ ਆਉਣ ਵਾਲੇ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨੇਰੀ-ਤੂਫ਼ਾਨ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 26 ਜੂਨ ਤੋਂ 1 ਜੁਲਾਈ ਤੱਕ ਲਈ ਭਵਿੱਖਬਾਣੀ ਜਾਰੀ ਕਰਦਿਆਂ ਦੱਸਿਆ ਹੈ ਕਿ 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਹਾਲਾਂਕਿ 28 ਜੂਨ ਨੂੰ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਦੁਬਾਰਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ 29 ਜੂਨ ਤੋਂ 1 ਜੁਲਾਈ ਤੱਕ ਮੁੜ ਮੀਂਹ ਪੈਣ ਦੇ ਆਸਾਰ ਹਨ ਅਤੇ ਇਸ ਸਮੇਂ ਦੌਰਾਨ ਵੀ ਤੇਜ਼ ਹਵਾਵਾਂ ਅਤੇ ਹਨੇਰੀ-ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਲਾਗੂ ਰਹੇਗਾ।
ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਯੈਲੋ ਅਲਰਟ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਨੇਰੀ-ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਲੋਕਾਂ ਨੂੰ ਮੌਸਮ ਸਬੰਧੀ ਤਾਜ਼ਾ ਅਪਡੇਟਾਂ ‘ਤੇ ਨਜ਼ਰ ਰੱਖਣ ਅਤੇ ਲੋੜ ਪੈਣ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।





