ਪੰਜਾਬ ”ਚ ਕੱਲ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ ”ਚ ਅਲਰਟ

ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਸਵੇਰ ਤੋਂ ਹੀ ਅਸਮਾਨ ਬੱਦਲਾਂ ਨਾਲ ਢੱਕਿਆ ਰਿਹਾ ਅਤੇ ਠੰਡੀ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਵੀ ਦਰਜ ਕੀਤਾ ਗਿਆ, ਜਿਸ ਨਾਲ ਮੌਸਮ ਹੋਰ ਵੀ ਸੁਹਾਵਣਾ ਬਣ ਗਿਆ।

ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ 7 ਅਗਸਤ ਨੂੰ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਵਰਖਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ।

8 ਅਗਸਤ ਨੂੰ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ 9 ਅਗਸਤ ਨੂੰ ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਸਾਰ 10 ਅਗਸਤ ਤੋਂ ਮੌਸਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲੇਗਾ। ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।