ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਹੋਰ ਮਜ਼ਬੂਤ ਕਰਨ ਲਈ ਬਾਰਡਰ ਰੇਂਜ ਪੁਲਸ ਵੱਲੋਂ ਵਿਸ਼ੇਸ਼ ਰੈੱਡ ਅਲਰਟ ਨਾਕਾਬੰਦੀ ਮੁਹਿੰਮ ਚਲਾਈ ਗਈ। ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੀ ਅਗਵਾਈ ਹੇਠ ਇਹ ਮੁਹਿੰਮ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।
ਦੁਪਹਿਰ 2 ਵਜੇ ਤੋਂ 4 ਵਜੇ ਤੱਕ ਚੱਲੀ ਇਸ ਮੁਹਿੰਮ ਦੌਰਾਨ ਪੁਲਸ ਨੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ, ਮੁੱਖ ਚੌਕਾਂ, ਪੁਲਾਂ, ਬਾਈਪਾਸਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਖ਼ੁਦ ਵੱਖ-ਵੱਖ ਸਰਹੱਦੀ ਖੇਤਰਾਂ ਵਿੱਚ ਪਹੁੰਚੇ ਅਤੇ ਨਾਕਿਆਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।
ਮੁਹਿੰਮ ਦੌਰਾਨ ਸਾਰੇ ਗਜ਼ਟਿਡ ਅਧਿਕਾਰੀ, ਥਾਣਾ ਇੰਚਾਰਜ ਅਤੇ ਵੱਖ-ਵੱਖ ਯੂਨਿਟਾਂ ਦੇ ਇੰਚਾਰਜ ਖ਼ੁਦ ਮੌਕੇ ’ਤੇ ਮੌਜੂਦ ਰਹੇ। ਪੁਲਸ ਅਨੁਸਾਰ ਇਹ ਕਾਰਵਾਈ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ ’ਤੇ ਕੀਤੀ ਗਈ, ਜਿਸਦਾ ਮੁੱਖ ਮਕਸਦ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਹੋਰ ਅਪਰਾਧਿਕ ਨੈੱਟਵਰਕਾਂ ’ਤੇ ਨਕੇਲ ਕੱਸਣਾ ਅਤੇ ਆਜ਼ਾਦੀ ਦਿਹਾੜੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।







