ਪੰਜਾਬ ‘ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਹੋਇਆ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨਾਂ ਦੌਰਾਨ ਹਲਕੇ ਤੋਂ ਦਰਮਿਆਨੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਜਦਕਿ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਭਾਰੀ ਮੀਂਹ ਵੀ ਦਰਜ ਕੀਤਾ ਗਿਆ। ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪਿਆ। ਇਸੇ ਦੌਰਾਨ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਹੈ।

ਮੀਂਹ ਕਾਰਨ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ ਅਤੇ ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 33.5 ਡਿਗਰੀ, ਪਠਾਨਕੋਟ ਵਿੱਚ 34.9 ਡਿਗਰੀ ਅਤੇ ਬਰਨਾਲਾ ਵਿੱਚ 33.0 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਹਰਿਆਣਾ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਰਿਹਾ। ਸਿਰਸਾ ਵਿੱਚ ਸਭ ਤੋਂ ਵੱਧ 38.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਰੋਹਤਕ ਵਿੱਚ 33.6 ਡਿਗਰੀ, ਕਰਨਾਲ ਵਿੱਚ 35.2 ਡਿਗਰੀ ਅਤੇ ਹਿਸਾਰ ਵਿੱਚ 36.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਬਣੀ ਰਹੇਗੀ। ਕਈ ਥਾਵਾਂ ‘ਤੇ ਰੁਕ-ਰੁਕ ਕੇ ਮੀਂਹ ਪੈਣ ਦੇ ਨਾਲ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਹੋ ਸਕਦਾ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।