ਪੰਜਾਬ ਵਿੱਚ ਮੌਨਸੂਨ ਦੀ ਆਮਦ ਤੋਂ ਬਾਅਦ ਜਿੱਥੇ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 10 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਮੌਸਮ ਆਮ ਤੌਰ ‘ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਇਸ ਤੋਂ ਬਾਅਦ 11 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਦੇ ਅਨੁਸਾਰ 12 ਅਤੇ 13 ਜੁਲਾਈ ਨੂੰ ਸੂਬੇ ਭਰ ਵਿੱਚ ਮੌਸਮ ਮੁੜ ਸਾਫ਼ ਰਹਿਣ ਦੀ ਉਮੀਦ ਹੈ।
ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 3 ਫੀਸਦੀ ਵੱਧ ਵਰਖਾ ਦਰਜ ਕੀਤੀ ਗਈ ਹੈ, ਜਦਕਿ ਚੰਡੀਗੜ੍ਹ ਵਿੱਚ ਆਮ ਨਾਲੋਂ 71 ਫੀਸਦੀ ਘੱਟ ਮੀਂਹ ਰਿਕਾਰਡ ਕੀਤਾ ਗਿਆ ਹੈ। ਲਗਾਤਾਰ ਮੌਸਮੀ ਤਬਦੀਲੀਆਂ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਲਗਭਗ 2.9 ਡਿਗਰੀ ਘੱਟ ਹੈ। ਇਸ ਦੌਰਾਨ ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।






