ਪੰਜਾਬ ‘ਚ ਮਾਨਸੂਨ ਨੇ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।ਮੌਸਮ ਸਬੰਧੀ ਤਾਜ਼ਾ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਮੌਸਮ ਦੀ ਤਬਦੀਲੀ ਵੇਖਣ ਨੂੰ ਮਿਲੇਗੀ। ਮਾਨਸਾ, ਸੰਗਰੂਰ , ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਚੰਡੀਗੜ੍ਹ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ‘ਚ ਹਲਕਾ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਉਥੇ ਹੀ 14-15 ਜੁਲਾਈ ਲਈ ਮੌਸਮ ਸੰਬਧੀ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਜਦਕਿ 16 ਜੁਲਾਈ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 16 ਜੁਲਾਈ ਨੂੰ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦਿਨ ਲਈ ਵਿਭਾਗ ਨੇ ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। 16 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਦਿਨ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ 17 ਅਤੇ 18 ਜੁਲਾਈ ਨੂੰ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਇਨ੍ਹਾਂ ਦਿਨਾਂ ਦਰਮਿਆਨ ਧੁੱਪ ਨਿਕਲਣ ਕਾਰਨ ਪੰਜਾਬ ‘ਚ ਗਰਮੀ ਵੱਧਣ ਦੀ ਸੰਭਾਵਨਾ ਹੈ।