ਪੰਜਾਬ ‘ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ

ਐੱਸ. ਕੇ. ਐੱਮ. ਗ਼ੈਰ-ਰਾਜਨੀਤਕ ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ 14 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ। ਇਹ ਫੈਸਲਾ ਲੈਂਡ ਮਾਰਗੇਜ ਬੈਂਕ ਮਾਮਲੇ ਵਿੱਚ ਇਨਸਾਫ਼ ਦੀ ਮੰਗ, ਲੈਂਡ ਪੂਲਿੰਗ ਨੀਤੀ ਦੇ ਵਿਰੋਧ ਅਤੇ ਹੋਰ ਕਿਸਾਨੀ ਮੰਗਾਂ ਦੇ ਸਮਰਥਨ ਵਿੱਚ ਲਿਆ ਗਿਆ ਹੈ।

ਡੱਲੇਵਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਉਪਜਾਊ ਜ਼ਮੀਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੈਂਡ ਮਾਰਗੇਜ ਬੈਂਕ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ 30 ਮਾਰਚ ਤੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਜਾਰੀ ਹਨ। ਇਸ ਤੋਂ ਇਲਾਵਾ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਇਸ ਅੰਦੋਲਨ ਦਾ ਅਹਿਮ ਹਿੱਸਾ ਹੈ।

ਡੱਲੇਵਾਲ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਦਰਜ ਕਰਵਾਇਆ ਜਾਵੇਗਾ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕਰੇ ਅਤੇ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਸ਼ਾਮਲ ਨਾ ਕੀਤਾ ਜਾਵੇ।