ਪੰਜਾਬ ‘ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਰੁਖ ਬਦਲ ਲਿਆ ਹੈ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਜਾਰੀ ਕਰਦਿਆਂ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਨੇ ਅੱਜ ਤੋਂ 2 ਅਪ੍ਰੈਲ ਤੱਕ ਦਾ ਅੰਦਾਜ਼ਾ ਜਾਰੀ ਕੀਤਾ ਹੈ, ਜਿਸ ਮੁਤਾਬਕ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਦੇ ਤਾਜ਼ਾ ਅੰਕੜਿਆਂ ਅਨੁਸਾਰ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਖ਼ਾਸ ਕਰਕੇ 30 ਮਾਰਚ ਨੂੰ ਕਈ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਗਰਜ-ਚਮਕ ਅਤੇ ਬਿਜਲੀ ਕੜਕਣ ਦੇ ਮਾਮਲੇ ਵੀ ਸਾਹਮਣੇ ਆ ਸਕਦੇ ਹਨ।

31 ਮਾਰਚ ਨੂੰ ਮੌਸਮ ਵਿੱਚ ਕੁਝ ਸੁਧਾਰ ਹੋ ਸਕਦਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੌਸਮ ਅਜੇ ਵੀ ਅਸਥਿਰ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ, ਅਪ੍ਰੈਲ ਦੀ ਸ਼ੁਰੂਆਤ ਨਾਲ ਮੌਸਮ ਸਾਫ਼ ਹੋਣ ਦੀ ਉਮੀਦ ਹੈ ਅਤੇ 1 ਤੇ 2 ਅਪ੍ਰੈਲ ਲਈ ਕਿਸੇ ਵੀ ਕਿਸਮ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।