ਮਾਨਸਾ ਸ਼ਹਿਰ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋਇਆ। ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਤੋਂ ਬਾਅਦ ਅੱਜ ਮਾਨਸਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸ਼ਹਿਰ ਵਾਸੀਆਂ ਨੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਮੰਗ ਕੀਤੀ ਕਿ ਭਰੇ ਬਾਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾਉਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਬੰਦ ਦੇ ਸਮਰਥਨ ਵਿੱਚ ਅੱਜ ਬਾਰ ਕੌਂਸਲ ਮਾਨਸਾ ਨੇ ਵੀ ਆਪਣਾ ਕੰਮਕਾਜ ਰੋਕ ਦਿੱਤਾ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸ਼ਹਿਰ ਵਿੱਚ ਤਿੰਨ ਵੱਖ-ਵੱਖ ਥਾਵਾਂ ‘ਤੇ ਫਾਇਰਿੰਗ ਦੀਆਂ ਘਟਨਾਵਾਂ ਹੋਈਆਂ, ਜਿਨ੍ਹਾਂ ਵਿੱਚ ਤਿੰਨ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਖੁਸ਼ਕਿਸਮਤੀ ਨਾਲ, ਕਿਸੇ ਨੂੰ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ।
ਫਾਇਰਿੰਗ ਦੀ ਇਕ ਘਟਨਾ ਕੀਟਨਾਸ਼ਕ ਦਵਾਈਆਂ ਦੀ ਦੁਕਾਨ ਦੇ ਬਾਹਰ ਵੀ ਹੋਈ, ਜਿੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਦੁਕਾਨਦਾਰ ‘ਤੇ ਦੋ ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ, ਪਰ ਉਨ੍ਹਾਂ ਦੀ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਇਸ ਦੌਰਾਨ, ਇੱਕ ਐਕਟਿਵਾ ਸਵਾਰ ਮਹਿਲਾ ਦੀ ਮੋਟਰਸਾਈਕਲ ਸਵਾਰਾਂ ਨਾਲ ਟੱਕਰ ਵੀ ਹੋਈ, ਜਿਸ ਵਿੱਚ ਸਭ ਡਿੱਗ ਪਏ ਪਰ ਬਦਮਾਸ਼ ਤੇਜ਼ੀ ਨਾਲ ਉੱਥੋਂ ਭੱਜ ਨਿਕਲੇ। ਇਹਨਾਂ ਘਟਨਾਵਾਂ ਕਾਰਨ ਸ਼ਹਿਰ ਦੇ ਵਪਾਰੀਆਂ ਅਤੇ ਰਹਿਣਕਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਮਾਨਸਾ ਬੰਦ ਦਾ ਸੱਦਾ ਦਿੱਤਾ ਗਿਆ।






