ਸੰਭਾਵੀ ਗੱਠਜੋੜ ਦੀ ਚਰਚਾ ਦਰਮਿਆਨ ਅਕਾਲੀ ਦਲ ਤੇ ‘ਆਪ’ ਦੇ ਆਗੂ ਭਾਜਪਾ ’ਚ ਸ਼ਾਮਲ
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲੀ। ਵੀਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਜਥੇਬੰਦੀਆਂ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ। ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਨੂੰ ਆਉਣ ਵਾਲੇ ਸਮੇਂ ਦੀ ਵੱਡੀ ਸਿਆਸੀ ਤਬਦੀਲੀ ਦਾ ਸੰਕੇਤ ਦੱਸਿਆ।
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਿੰਦਰ ਸਿੰਘ ਚੌਹਾਨ, ਸੂਬਾ ਸਕੱਤਰ ਜਸਵਿੰਦਰ ਕੌਰ ਸੋਹਲ ਅਤੇ ਯੂਥ ਅਕਾਲੀ ਦਲ ਦੇ ਆਗੂ ਰਮਨਦੀਪ ਸਿੰਘ ਚੌਹਾਨ ਪ੍ਰਮੁੱਖ ਹਨ। ਇਸੇ ਤਰ੍ਹਾਂ ‘ਆਪ’ ਦੇ ਸਾਬਕਾ ਵਿਦਿਆਰਥੀ ਆਗੂ ਨਵਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਮੋਗਾ ਦੇ ਕਈ ਆਗੂਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਐੱਨ.ਐੱਸ.ਯੂ.ਆਈ. ਪ੍ਰਧਾਨ ਹਾਰਦਿਕ ਨੈਨ ਸਮੇਤ ਹੋਰ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਵਿੱਤੀ ਸਥਿਤੀ ’ਤੇ ਸਵਾਲ ਚੁੱਕਦਿਆਂ ਸੂਬੇ ਦੇ ਕਰਜ਼ੇ ਅਤੇ ਮਾਲੀਏ ਸਬੰਧੀ ਕਈ ਦਾਅਵੇ ਕੀਤੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਵਿੱਤੀ ਸਹਾਇਤਾ ਦੇਣ ਦੀ ਗੱਲ ਵੀ ਕਹੀ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਆਪ’ ਸਰਕਾਰ ’ਤੇ ਗੋਡੇ ਬਦਲਣ ਦੇ ਅਪਰੇਸ਼ਨਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਨਕਲੀ ਇੰਪਲਾਂਟ ਵਰਤਣ ਦੇ ਦੋਸ਼ ਲਾਏ, ਪਰ ਇਸ ਸਬੰਧੀ ਕੋਈ ਸਬੂਤ ਜਾਂ ਹਸਪਤਾਲ ਦਾ ਨਾਮ ਨਹੀਂ ਦੱਸਿਆ। ਉਨ੍ਹਾਂ ‘ਆਪ’ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੰਜਾਬ ਨੂੰ 2029 ਤੱਕ ਨਸ਼ਾ ਮੁਕਤ ਕਰਨ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ।







