ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਲਈ ਤਾਜ਼ਾ ਅਨੁਮਾਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਹੱਦੀ ਜ਼ਿਲ੍ਹਿਆਂ ਸਮੇਤ ਕਈ ਹਿੱਸਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨੇ ਦਰਜੇ ਦੀ ਵਰਖਾ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਖੇਤਰ ਲਈ ਕੋਈ ਖ਼ਾਸ ਅਲਰਟ ਜਾਰੀ ਨਹੀਂ ਕੀਤਾ ਗਿਆ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਭਾਖੜਾ ਡੈਮ ਤੋਂ 5000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਕਿਉਂਕਿ 12 ਤੋਂ 15 ਸਤੰਬਰ ਤੱਕ ਮੀਂਹ ਦੀ ਚੇਤਾਵਨੀ ਜਾਰੀ ਹੈ। ਉਨ੍ਹਾਂ ਕਿਹਾ ਕਿ ਭਵਿੱਖਬਾਣੀ ਨੂੰ ਦੇਖਦਿਆਂ ਅਗਲੇ ਕੁਝ ਦਿਨਾਂ ਲਈ ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੈ।
ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੇ ਆਸਾਰ ਬਣੇ ਹੋਏ ਹਨ।