Punjab-Haryana High Court: ਪੰਜਾਬ ਸਰਕਾਰ ਦੇ ਇਤਰਾਜ਼ਾਂ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੀਫ਼ ਜਸਟਿਸ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ: ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਨੂੰ ਸਹੁੰ ਚੁੱਕ ਸਮਾਗਮ ਰੋਕਣ ਦੀ ਅਪੀਲ ਕੀਤੇ ਜਾਣ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ। ਉਹ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਹਾਈ ਕੋਰਟ ਦੀ ਅਗਵਾਈ ਕਰਨਗੇ।
ਪੰਜਾਬ ਸਰਕਾਰ ਨੇ ਉਨ੍ਹਾਂ ਦੀ ਨਿਯੁਕਤੀ ’ਤੇ ਇਤਰਾਜ਼ ਜਤਾਉਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ-ਮਸ਼ਵਰੇ ਅਤੇ ਸਹਿਮਤੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ। ਇਸ ਦੇ ਬਾਵਜੂਦ ਅੱਜ ਪੰਜਾਬ ਲੋਕ ਭਵਨ ਵਿੱਚ ਆਯੋਜਿਤ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਸਟਿਸ ਮਿਸ਼ਰਾ ਨੂੰ ਅਹੁਦੇ ਦੀ ਸਹੁੰ ਚੁਕਾਈ।
ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੈਰਹਾਜ਼ਰ ਰਹੇ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੌਜੂਦ ਸਨ।
ਗੌਰਤਲਬ ਹੈ ਕਿ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਐਮਰਜੈਂਸੀ ਕੈਬਨਿਟ ਮੀਟਿੰਗ ਵਿੱਚ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਦਿਆਂ ਇੱਕ ਮਤਾ ਪਾਸ ਕੀਤਾ ਗਿਆ ਸੀ। ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਚੁੱਕ ਸਮਾਗਮ ਨੂੰ ਟਾਲਿਆ ਜਾਵੇ।
ਸਿਆਸੀ ਪੱਖੋਂ ਵੀ ਇਹ ਸਮਾਗਮ ਚਰਚਾ ਦਾ ਵਿਸ਼ਾ ਬਣਿਆ ਰਿਹਾ। ਪੰਜਾਬ ਦੀਆਂ ਸਿਆਸੀ ਹਸਤੀਆਂ ਵਿੱਚੋਂ ਸਿਰਫ਼ ਵਿਧਾਇਕਾ ਗਨੀਵ ਕੌਰ ਮਜੀਠੀਆ ਹੀ ਸਮਾਗਮ ਵਿੱਚ ਸ਼ਾਮਲ ਹੋਈ। ਭਾਵੇਂ ਸਮਾਗਮ ਲਈ ਮੁੱਖ ਮੰਤਰੀ ਸਮੇਤ ਸਾਰੀਆਂ ਪ੍ਰਮੁੱਖ ਸਿਆਸੀ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਸੱਤਾਧਾਰੀ ਧਿਰ ਦਾ ਕੋਈ ਵੀ ਰਾਜਨੀਤਿਕ ਨੁਮਾਇੰਦਾ ਹਾਜ਼ਰ ਨਹੀਂ ਹੋਇਆ।
ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀਜੀਪੀ ਅਤੇ ਐਡਵੋਕੇਟ ਜਨਰਲ ਸਮਾਗਮ ਵਿੱਚ ਮੌਜੂਦ ਰਹੇ।







