ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ, ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਲਈ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ 152 ਹੋਰ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਪੰਜਾਬ ਵਿੱਚ ਕੁੱਲ 518 ਗਊਸ਼ਾਲਾਵਾਂ ਨੂੰ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ, ਜਦਕਿ ਪਹਿਲਾਂ ਇਹ ਗਿਣਤੀ 366 ਸੀ।

ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗਊਸ਼ਾਲਾਵਾਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨ੍ਹਾਂ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਲਈ ਸਰਕਾਰ ਕੋਈ ਵੀ ਸ਼ੁਲਕ ਨਹੀਂ ਲਵੇਗੀ ਅਤੇ ਗਊਸ਼ਾਲਾਵਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਸਮੇਂ ਦੀ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ ਅਤੇ ਸੜਕਾਂ ‘ਤੇ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਿਕਲੇ। ਉਨ੍ਹਾਂ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਨੁੱਖਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ ਅਤੇ ਗਊ ਸੇਵਾ ਸਭ ਤੋਂ ਵੱਡੀ ਪੂਜਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਗਊਸ਼ਾਲਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਮੌਜੂਦ ਸਨ।