ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਛੇਕੇ
ਅੰਮ੍ਰਿਤਸਰ: ਇੱਕ ਬੀਬੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਧਾਰਮਿਕ ਕਾਰਵਾਈ ਕੀਤੀ ਗਈ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਦੋਵਾਂ ਨੂੰ ਪੰਥ ਵਿੱਚੋਂ ਛੇਕਣ ਦਾ ਹੁਕਮ ਸੁਣਾਇਆ।
ਹੁਕਮਨਾਮਾ ਸੁਣਾਉਂਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਵਿਅਕਤੀ ਸਿੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਖ਼ਿਲਾਫ਼ ਸਾਹਮਣੇ ਆਏ ਗੰਭੀਰ ਦੋਸ਼ਾਂ ਕਾਰਨ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਦੋਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਮੇਲ-ਮਿਲਾਪ ਨਾ ਰੱਖਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਖ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਜਾਂ ਕੰਮ ਕਰਨ ਤੋਂ ਵੀ ਰੋਕ ਦਿੱਤਾ ਗਿਆ ਹੈ।
ਪਹਿਲਾਂ ਸ਼੍ਰੋਮਣੀ ਕਮੇਟੀ ਨੇ ਕੀਤੀ ਸੀ ਕਾਰਵਾਈ
ਇਸ ਮਾਮਲੇ ਵਿੱਚ ਇੱਕ ਦਿਨ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਡਰਾਈਵਰ ਵਜੋਂ ਤਾਇਨਾਤ ਮੋਹਣ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਦੋਵਾਂ ਦਾ ਨਾਮ ਕਥਿਤ ਅਨੈਤਿਕ ਮਾਮਲੇ ਨਾਲ ਜੁੜਨ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ। ਮੁਅੱਤਲੀ ਸਬੰਧੀ ਹੁਕਮ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਜਾਰੀ ਕੀਤੇ ਗਏ ਸਨ।
ਦੱਸਿਆ ਗਿਆ ਹੈ ਕਿ ਦੁਬਈ ਤੋਂ ਪੰਜਾਬ ਆਈ ਇੱਕ ਬੀਬੀ ਨੇ ਅਮਰਜੀਤ ਸਿੰਘ ਚਾਵਲਾ ’ਤੇ ਜਬਰ-ਜਨਾਹ ਸਮੇਤ ਗੰਭੀਰ ਦੋਸ਼ ਲਗਾਉਂਦਿਆਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਹ ਦੋਸ਼ ਅਜੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹਨ।
ਅਸਤੀਫ਼ਾ ਦੇ ਕੇ ਚਾਵਲਾ ਹੋਏ ਰੂਪੋਸ਼
ਮਾਮਲਾ ਸਾਹਮਣੇ ਆਉਣ ਮਗਰੋਂ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਰੂਪੋਸ਼ ਹੋਣ ਦੀ ਗੱਲ ਸਾਹਮਣੇ ਆਈ ਹੈ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਭਾਈ ਮੰਗਲ ਸਿੰਘ ਵੀ ਹਾਜ਼ਰ ਰਹੇ।
ਇਸ ਇਕੱਤਰਤਾ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਦੋਵਾਂ ਵਿਅਕਤੀਆਂ ਖ਼ਿਲਾਫ਼ ਪੰਥਕ ਕਾਰਵਾਈ ਦਾ ਫ਼ੈਸਲਾ ਸੁਣਾਇਆ ਗਿਆ।







