ਫ਼ਤਹਿਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ: ਬੱਸ-ਟਰੱਕ ਦੀ ਭਿਆਨਕ ਟੱਕਰ ’ਚ ਇੱਕ ਸ਼ਰਧਾਲੂ ਦੀ ਮੌਤ, 14 ਜ਼ਖ਼ਮੀ

ਸਰਹਿੰਦ ਨੇੜੇ ਸ਼ਰਧਾਲੂਆਂ ਦੀ ਬੱਸ ਟਰੱਕ ਨਾਲ ਟਕਰਾਈ, ਇੱਕ ਦੀ ਮੌਤ ਤੇ 14 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ: ਸਰਹਿੰਦ ਨੇੜੇ ਬੁੱਧਵਾਰ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 14 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਸ਼ਰਧਾਲੂਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ।

ਜਾਣਕਾਰੀ ਅਨੁਸਾਰ ਬੱਸ ਕਰਨਾਲ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਅੰਮ੍ਰਿਤਸਰ ਵਾਪਸ ਜਾ ਰਹੀ ਸੀ। ਇਸ ਦੌਰਾਨ ਸਰਹਿੰਦ ਨੇੜੇ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਅਤੇ ਪੁਲੀਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖ਼ਮੀ ਸਵਾਰੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਫ਼ਤਹਿਗੜ੍ਹ ਸਾਹਿਬ ਦੇ ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।