ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪਰਿਵਾਰ ਸਮੇਤ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਯਾਤਰਾ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ 30 ਲੱਖ ਰੁਪਏ ਦਾ ਮੁਚੱਲਕਾ ਭਰਨ ਦੀ ਸ਼ਰਤ ਵੀ ਲਗਾਈ ਹੈ।
ਮਜੀਠੀਆ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਮੁਹਾਲੀ ਦੀ ਵਿਸ਼ੇਸ਼ ਜੱਜ (ਭ੍ਰਿਸ਼ਟਾਚਾਰ ਰੋਕੂ ਐਕਟ) ਅਤੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਸ ਮਾਮਲੇ ਨਾਲ ਸਬੰਧਤ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਕੇਸ ਵਿੱਚ 22 ਅਗਸਤ 2025 ਨੂੰ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਸੁਣਵਾਈ ਦੌਰਾਨ ਬਚਾਅ ਪੱਖ ਨੇ ਦੱਸਿਆ ਕਿ ਮਜੀਠੀਆ ਆਪਣੀ ਪਤਨੀ ਅਤੇ ਬੱਚਿਆਂ ਸਮੇਤ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣਾ ਚਾਹੁੰਦੇ ਹਨ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜਾਂਚ ਪੂਰੀ ਹੋਣ ਅਤੇ ਚਲਾਨ ਪੇਸ਼ ਹੋਣ ਕਾਰਨ ਉਨ੍ਹਾਂ ਦੀ ਵਿਦੇਸ਼ ਯਾਤਰਾ ’ਤੇ ਇਤਰਾਜ਼ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ।
ਦੂਜੇ ਪਾਸੇ, ਪੰਜਾਬ ਸਰਕਾਰ ਨੇ ਯਾਤਰਾ ਨਾਲ ਸਬੰਧਤ ਵੇਰਵੇ ਅਧੂਰੇ ਹੋਣ ਦਾ ਹਵਾਲਾ ਦਿੰਦਿਆਂ ਅਰਜ਼ੀ ਦਾ ਵਿਰੋਧ ਕੀਤਾ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਹਾਲਾਂਕਿ, ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ।
ਅਦਾਲਤ ਨੇ ਵਿਦੇਸ਼ ਯਾਤਰਾ ਲਈ 30 ਲੱਖ ਰੁਪਏ ਦਾ ਇੰਡੈਮਨਿਟੀ ਬਾਂਡ ਭਰਨ ਦੀ ਸ਼ਰਤ ਰੱਖੀ ਹੈ। ਇਸ ਤੋਂ ਇਲਾਵਾ ਹੁਕਮ ਦਿੱਤਾ ਗਿਆ ਹੈ ਕਿ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਢੁਕਵੀਂ ਤਸਦੀਕ ਅਤੇ ਰਸੀਦ ਲੈ ਕੇ ਮਜੀਠੀਆ ਦਾ ਪਾਸਪੋਰਟ ਆਰਜ਼ੀ ਤੌਰ ’ਤੇ ਵਾਪਸ ਕੀਤਾ ਜਾਵੇ, ਤਾਂ ਜੋ ਉਹ ਆਪਣੀ ਯਾਤਰਾ ਕਰ ਸਕਣ।
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਭਾਰਤ ਵਾਪਸ ਆਉਣ ਤੋਂ ਬਾਅਦ ਮਜੀਠੀਆ ਨੂੰ ਆਪਣਾ ਪਾਸਪੋਰਟ ਮੁੜ ਅਦਾਲਤ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ।








