ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਰੋਸ, ਵੇਰਕਾ ਚੌਕ ਕੀਤਾ ਜਾਮ

ਬਿਜਲੀ ਕੱਟਾਂ ਵਿਰੁੱਧ ਕਿਸਾਨਾਂ ਦਾ ਰੋਸ, ਵੇਰਕਾ ਚੌਕ ’ਚ ਲਾਇਆ ਜਾਮ

ਮੋਰਿੰਡਾ: ਖੇਤੀਬਾੜੀ ਲਈ ਬਿਜਲੀ ਸਪਲਾਈ ਵਿੱਚ ਲੱਗ ਰਹੇ ਕੱਟਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੀਐੱਸਪੀਸੀਐੱਲ ਦਫ਼ਤਰ ਮੋਰਿੰਡਾ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਕਿਸਾਨਾਂ ਨੇ ਬਿਜਲੀ ਸਪਲਾਈ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ।

ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਮੰਗਾਂ ’ਤੇ ਤੁਰੰਤ ਧਿਆਨ ਨਾ ਦਿੱਤੇ ਜਾਣ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਵੇਰਕਾ ਚੌਕ ਵਿੱਚ ਆਵਾਜਾਈ ਜਾਮ ਕਰ ਦਿੱਤੀ। ਇਸ ਮੌਕੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮੋਰਿੰਡਾ ਇਲਾਕੇ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਖੇਤੀਬਾੜੀ ਮੋਟਰਾਂ ਲਈ ਕੇਵਲ ਦੋ-ਤਿੰਨ ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਪੱਕਣ ਦੇ ਨੇੜੇ ਹੋਣ ਕਾਰਨ ਸਿੰਚਾਈ ਲਈ ਲੋੜੀਂਦੀ ਬਿਜਲੀ ਨਾ ਮਿਲਣ ਨਾਲ ਕਿਸਾਨਾਂ ਨੂੰ ਜਨਰੇਟਰ ਚਲਾਉਣੇ ਪੈ ਰਹੇ ਹਨ, ਜਿਸ ਨਾਲ ਉਨ੍ਹਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।

ਬੀਕੇਯੂ ਰਾਜੇਵਾਲ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 12 ਸਤੰਬਰ ਦੀ ਸ਼ਾਮ ਤੱਕ ਕਿਸਾਨਾਂ ਦੀਆਂ ਮੋਟਰਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਉਹ ਚੰਡੀਗੜ੍ਹ-ਲੁਧਿਆਣਾ ਹਾਈਵੇਅ ਜਾਮ ਕਰਨ ਲਈ ਮਜਬੂਰ ਹੋਣਗੇ।

ਇਸ ਦੌਰਾਨ ਕਿਸਾਨਾਂ ਵੱਲੋਂ ਐੱਸਡੀਐੱਮ ਮੋਰਿੰਡਾ ਚੇਤਨ ਬੰਗੜ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਬਾਅਦ ਵਿੱਚ ਪੀਐੱਸਪੀਸੀਐੱਲ ਦੇ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ।