ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਅਕਾਲੀ ਦਲ ਨੂੰ ਬਦਨਾਮ ਕਰਨ ਦਾ ਦਾਅਵਾ

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਖ਼ਿਲਾਫ਼ ਝੂਠਾ ਪ੍ਰਚਾਰ ਕਰਕੇ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਹੁਣ ਪੰਜਾਬ ਦੇ ਲੋਕ ਸੱਚਾਈ ਨੂੰ ਸਮਝ ਚੁੱਕੇ ਹਨ ਅਤੇ ਵਿਰੋਧੀਆਂ ਦੀਆਂ ਸਿਆਸੀ ਚਾਲਾਂ ਤੋਂ ਜਾਣੂ ਹੋ ਗਏ ਹਨ।

ਅਨਾਜ ਮੰਡੀ ਵਿੱਚ ਅਕਾਲੀ ਆਗੂ ਮੱਖਣ ਬਰਾੜ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਸੂਬੇ ਵਿੱਚ 650 ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਲੇਰਕੋਟਲਾ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਤ ਇੱਕ ਵਿਅਕਤੀ ਦੀ ਭੂਮਿਕਾ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕਈ ਤਾਕਤਾਂ ਇਕੱਠੀਆਂ ਹੋਈਆਂ, ਪਰ 105 ਸਾਲ ਪੁਰਾਣੀ ਇਹ ਪਾਰਟੀ ਆਪਣੇ ਸਿਧਾਂਤਾਂ ਅਤੇ ਕੁਰਬਾਨੀਆਂ ਦੇ ਸਹਾਰੇ ਅੱਗੇ ਵੀ ਮਜ਼ਬੂਤੀ ਨਾਲ ਖੜ੍ਹੀ ਰਹੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨੇ ਸਭ ਤੋਂ ਵੱਧ ਤਰੱਕੀ ਅਤੇ ਵਿਕਾਸ ਅਕਾਲੀ ਸਰਕਾਰਾਂ ਦੇ ਸਮੇਂ ਦੌਰਾਨ ਦੇਖਿਆ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਸੂਬੇ ਅੰਦਰ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਨਾਲ ਹੀ ਅਕਾਲੀ ਸਰਕਾਰ ਸਮੇਂ ਚੱਲ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸੇਵਾ ਕੇਂਦਰਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇਗੀ।

ਆਮ ਆਦਮੀ ਪਾਰਟੀ ਅਤੇ ‘ਵਾਰਿਸ ਪੰਜਾਬ ਦੇ’ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਈ ਸਿਆਸੀ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਾਅਦਿਆਂ ਅਤੇ ਦਾਅਵਿਆਂ ਦੀ ਬਜਾਏ ਜ਼ਮੀਨੀ ਹਕੀਕਤਾਂ ਨੂੰ ਦੇਖ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਲੋਕ ਸਰਕਾਰ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ।

ਰੈਲੀ ਦੌਰਾਨ ਅਕਾਲੀ ਆਗੂ ਮੱਖਣ ਬਰਾੜ ਨੇ ਪਾਰਟੀ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਦਾ ਸਵਾਗਤ ਕਰਦਿਆਂ ਹਲਕੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਨਿਹਾਲ ਸਿੰਘ ਤਲਵੰਡੀ, ਰਜਿੰਦਰ ਸਿੰਘ ਡੱਲਾ, ਰਾਜਵਿੰਦਰ ਸਿੰਘ ਧਰਮਕੋਟ, ਗੁਰਜੰਟ ਸਿੰਘ ਚਾਹਲ, ਜੋਗਿੰਦਰ ਸਿੰਘ ਸੰਧੂ ਅਤੇ ਹੋਰ ਕਈ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।