ਪੰਜਾਬ ਬੰਦ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ, ਸਰਹੱਦੀ ਇਲਾਕਿਆਂ ਵਿੱਚ ਵਧਾਈ ਗਈ ਨਿਗਰਾਨੀ
ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ, ਜਦਕਿ ਪੰਜਾਬ ਨਾਲ ਲੱਗਦੀਆਂ ਚੰਡੀਗੜ੍ਹ ਦੀਆਂ ਸਰਹੱਦਾਂ ‘ਤੇ ਵੀ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਪਟਿਆਲਾ ਦੇ ਐਸਪੀ ਮੋਹਿਤ ਅਗਰਵਾਲ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਖੁੱਲ੍ਹੇ ਰਹੇ, ਜਦਕਿ ਕਈ ਨਿੱਜੀ ਸਕੂਲਾਂ ਨੇ ਬੰਦ ਰੱਖਣ ਦਾ ਫ਼ੈਸਲਾ ਕੀਤਾ। ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਵਪਾਰਕ ਅਦਾਰਿਆਂ ਨੇ ਵੀ ਹਾਲਾਤਾਂ ਨੂੰ ਦੇਖਦੇ ਹੋਏ ਦੁਪਹਿਰ ਤੱਕ ਕਾਰੋਬਾਰ ਬੰਦ ਰੱਖਿਆ।
ਦੱਸਣਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਨੇ ਪੁਲੀਸ ਕਾਰਵਾਈ, ਆਪਣੇ ਕਾਰਕੁਨਾਂ ਖ਼ਿਲਾਫ਼ ਦਰਜ ਐੱਫਆਈਆਰਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। 15 ਅਗਸਤ ਨੂੰ ਚੰਡੀਗੜ੍ਹ ਵਿੱਚ ਰਾਜ ਭਵਨ ਵੱਲ ਕੀਤੇ ਜਾ ਰਹੇ ਮਾਰਚ ਨੂੰ ਪੁਲੀਸ ਵੱਲੋਂ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਬੈਰੀਕੇਡਾਂ ਰਾਹੀਂ ਰੋਕਿਆ ਗਿਆ ਸੀ, ਜਿਸ ਤੋਂ ਬਾਅਦ ਕਈ ਆਗੂਆਂ ਅਤੇ ਸਮਰਥਕਾਂ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ ਗਏ ਸਨ।
ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਸ਼ਾਮਲ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਅਤੇ ਬੇਅਦਬੀ ਤੇ ਪੁਲੀਸ ਗੋਲੀਕਾਂਡ ਨਾਲ ਸੰਬੰਧਿਤ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਮੋਰਚੇ ਦੇ ਆਗੂ ਗੁਰਚਰਨ ਸਿੰਘ ਨੇ ਦੱਸਿਆ ਕਿ ਬੰਦ ਦੌਰਾਨ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਵਪਾਰਕ ਗਤੀਵਿਧੀਆਂ, ਆਵਾਜਾਈ, ਸੜਕੀ ਅਤੇ ਰੇਲ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ, ਜਦਕਿ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ, ਸਿਹਤ ਸੇਵਾਵਾਂ, ਐਂਬੂਲੈਂਸਾਂ, ਫੌਜੀ ਆਵਾਜਾਈ, ਵਿਆਹ-ਸ਼ਾਦੀਆਂ, ਭੋਗ ਸਮਾਗਮਾਂ ਅਤੇ ਵਿਦੇਸ਼ੀ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ।







