ਰਾਜਸਥਾਨ ਦੇ ਕੋਟਾ-ਉਦੈਪੁਰ ਕੌਮੀ ਮਾਰਗ ’ਤੇ ਸ਼ੰਭੂਪੁਰਾ ਨੇੜੇ ਐਤਵਾਰ ਤੜਕੇ ਇੱਕ ਤੇਜ਼ ਰਫ਼ਤਾਰ ਕਰੂਜ਼ਰ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਦਰਦਨਾਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਨੌਂ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਸੁਪਰਡੈਂਟ (ਐੱਸ.ਪੀ.) ਤੇਜਸਵਨੀ ਗੌਤਮ ਹੋਰ ਪੁਲੀਸ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਚਲਾਏ ਗਏ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।
ਮੁੱਢਲੀ ਜਾਂਚ ਦੌਰਾਨ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਅਕਤੀ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ਨਾਲ ਸਬੰਧਤ ਸਨ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਘਰ ਪਰਤ ਰਹੇ ਸਨ। ਕਰੂਜ਼ਰ ਗੱਡੀ ਵਿੱਚ ਬੱਚਿਆਂ ਸਮੇਤ ਪਰਿਵਾਰ ਦੇ ਕੁੱਲ 16 ਮੈਂਬਰ ਸਵਾਰ ਸਨ।
ਟਰੱਕ ਡਰਾਈਵਰ ਹਾਰੂਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਟਰੱਕ ਵਿੱਚ ਤਕਨੀਕੀ ਖ਼ਰਾਬੀ ਆਉਣ ਕਾਰਨ ਉਸ ਨੇ ਵਾਹਨ ਸੜਕ ਕਿਨਾਰੇ ਖੜ੍ਹਾ ਕੀਤਾ ਹੋਇਆ ਸੀ ਅਤੇ ਉਹ ਜਾਂਚ ਲਈ ਕੁਝ ਦੂਰੀ ’ਤੇ ਗਿਆ ਹੋਇਆ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਕਰੂਜ਼ਰ ਨੇ ਟਰੱਕ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਉਛਲ ਕੇ ਸੜਕ ਤੋਂ ਕਰੀਬ 20 ਫੁੱਟ ਦੂਰ ਜਾ ਡਿੱਗਿਆ। ਉਸ ਨੇ ਦੱਸਿਆ ਕਿ ਲਗਪਗ 10 ਮਿੰਟ ਬਾਅਦ ਹੋਸ਼ ਆਉਣ ’ਤੇ ਉਸ ਨੇ ਪੁਲੀਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਹਾਦਸੇ ਵਿੱਚ ਟਰੱਕ ਡਰਾਈਵਰ ਦੇ ਗੋਡਿਆਂ ਅਤੇ ਸਿਰ ’ਤੇ ਵੀ ਸੱਟਾਂ ਲੱਗੀਆਂ ਹਨ। ਦੂਜੇ ਪਾਸੇ, ਬਾਕੀ ਜ਼ਖ਼ਮੀਆਂ ਨੂੰ ਇਲਾਜ ਲਈ ਨਿਊ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਵਾਪਰੇ ਇਸ ਦਰਦਨਾਕ ਸੜਕ ਹਾਦਸੇ ਵਿੱਚ ਨੌਂ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ (PMNRF) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਸਾਂਝੇ ਕੀਤੇ ਗਏ ਸੁਨੇਹੇ ਵਿੱਚ ਸ੍ਰੀ ਮੋਦੀ ਨੇ ਕਿਹਾ, “ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।”
ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ।








