ਮਨਰੇਗਾ ਦੇ 2100 ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ !

ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਪਹਿਲ ਕਰਦਿਆਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਮਨਰੇਗਾ ਅਧੀਨ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਮੰਤਰੀ ਸੌਂਦ ਨੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਪੰਜਾਬ ਵਿੱਚ ਪਿਛਲੇ ਕਰੀਬ 18 ਸਾਲਾਂ ਤੋਂ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਸ ਰਾਹੀਂ ਪੇਂਡੂ ਖੇਤਰਾਂ ਦੇ ਲੱਖਾਂ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੀ ਸਫਲਤਾ ਵਿੱਚ ਮਨਰੇਗਾ ਕਰਮਚਾਰੀਆਂ ਦਾ ਬੇਹੱਦ ਮਹੱਤਵਪੂਰਨ ਯੋਗਦਾਨ ਰਿਹਾ ਹੈ।

ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਵੇਲੇ ਪੰਜਾਬ ਭਰ ਵਿੱਚ ਲਗਭਗ 2,100 ਮਨਰੇਗਾ ਕਰਮਚਾਰੀ ਵੱਖ-ਵੱਖ ਜ਼ਿਲ੍ਹਿਆਂ ਅਤੇ ਪੇਂਡੂ ਇਲਾਕਿਆਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਲੰਬੇ ਸਮੇਂ ਤੋਂ ਪੂਰੀ ਨਿਸ਼ਠਾ ਨਾਲ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ।