ਮਹਾਦੇਵ ਬੈਟਿੰਗ ਐਪ ਮਾਮਲੇ ’ਚ ਸੀਬੀਆਈ ਦੀ ਵੱਡੀ ਕਾਰਵਾਈ, ਪੰਜਾਬ ਸਮੇਤ 6 ਸੂਬਿਆਂ ’ਚ 33 ਟਿਕਾਣਿਆਂ ’ਤੇ ਛਾਪੇ
ਨਵੀਂ ਦਿੱਲੀ: ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਹਾਦੇਵ ਆਨਲਾਈਨ ਬੁੱਕ ਐਪ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਮੇਤ ਛੇ ਸੂਬਿਆਂ ਵਿੱਚ 33 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਐਪ ਦੇ ਮੁੱਖ ਪ੍ਰਮੋਟਰਾਂ ਵਿੱਚੋਂ ਇੱਕ ਅਤੇ ਮਾਮਲੇ ਦੇ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। ਚੰਦਰਾਕਰ ਨੂੰ ਹਾਲ ਹੀ ਵਿੱਚ ਓਮਾਨ ਤੋਂ ਹਵਾਲਗੀ ਰਾਹੀਂ ਭਾਰਤ ਲਿਆਂਦਾ ਗਿਆ ਸੀ।
ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਮਹਾਦੇਵ ਐਪ ਨਾਲ ਜੁੜੇ ਪੈਨਲ ਸੰਚਾਲਕਾਂ ਦੇ ਵੱਖ-ਵੱਖ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਸ ਮੁਹਿੰਮ ਤਹਿਤ ਪੰਜਾਬ ਦੇ ਅੰਮ੍ਰਿਤਸਰ ਤੋਂ ਇਲਾਵਾ ਦਿੱਲੀ, ਨਾਗੌਰ, ਧੌਲਪੁਰ, ਭੋਪਾਲ, ਰਾਏਪੁਰ, ਦੁਰਗ, ਇੰਦੌਰ, ਅਹਿਮਦਾਬਾਦ, ਵਡੋਦਰਾ, ਸੂਰਤ, ਮੁੰਬਈ ਅਤੇ ਨਾਗਪੁਰ ਵਿੱਚ ਛਾਪੇ ਮਾਰੇ ਗਏ।
ਸੀਬੀਆਈ ਸੂਤਰਾਂ ਮੁਤਾਬਕ ਤਲਾਸ਼ੀ ਦੌਰਾਨ ਕਈ ਥਾਵਾਂ ’ਤੇ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਨਾਲ ਸਬੰਧਤ ਪੈਨਲ ਸਰਗਰਮ ਮਿਲੇ, ਜਿਨ੍ਹਾਂ ਨੂੰ ਮੌਕੇ ’ਤੇ ਹੀ ਬੰਦ ਕਰਵਾ ਦਿੱਤਾ ਗਿਆ। ਜਾਂਚ ਏਜੰਸੀ ਨੇ ਇਨ੍ਹਾਂ ਟਿਕਾਣਿਆਂ ਤੋਂ ਮੋਬਾਈਲ ਫ਼ੋਨ, ਡਿਜੀਟਲ ਉਪਕਰਨ ਅਤੇ ਕਈ ਅਹਿਮ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ ਹਨ। ਬਰਾਮਦ ਸਮੱਗਰੀ ਤੋਂ ਕਥਿਤ ਤੌਰ ’ਤੇ ਫਰਜ਼ੀ ਬੈਂਕ ਖਾਤਿਆਂ ਅਤੇ ਹਵਾਲਾ ਨੈੱਟਵਰਕ ਰਾਹੀਂ ਪੈਸਿਆਂ ਦੇ ਲੈਣ-ਦੇਣ ਬਾਰੇ ਜਾਣਕਾਰੀ ਮਿਲੀ ਹੈ।
ਜ਼ਿਕਰਯੋਗ ਹੈ ਕਿ ਮਹਾਦੇਵ ਬੈਟਿੰਗ ਐਪ ਮਾਮਲੇ ਦੇ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਨੂੰ ਓਮਾਨ ਤੋਂ ਭਾਰਤ ਲਿਆਉਣ ਮਗਰੋਂ ਸੀਬੀਆਈ ਨੇ 1 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁੱਛਗਿੱਛ ਦੌਰਾਨ ਜਾਂਚ ਏਜੰਸੀ ਨੂੰ ਐਪ ਦੇ ਸੰਚਾਲਨ, ਇਸ ਦੇ ਕੰਮ ਕਰਨ ਦੇ ਢੰਗ ਅਤੇ ਦੇਸ਼ ਭਰ ਵਿੱਚ ਫੈਲੇ ਪੈਨਲ ਸੰਚਾਲਕਾਂ ਦੇ ਨੈੱਟਵਰਕ ਸਬੰਧੀ ਕਈ ਅਹਿਮ ਜਾਣਕਾਰੀਆਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ।
ਇਸ ਦੌਰਾਨ ਜਾਂਚ ਅਧਿਕਾਰੀਆਂ ਨੇ ਚੰਦਰਾਕਰ ਦਾ ਸਾਹਮਣਾ ਪਹਿਲਾਂ ਤੋਂ ਇਕੱਠੇ ਕੀਤੇ ਡਿਜੀਟਲ ਅਤੇ ਦਸਤਾਵੇਜ਼ੀ ਸਬੂਤਾਂ ਨਾਲ ਵੀ ਕਰਵਾਇਆ। ਸੀਬੀਆਈ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 19 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ।
ਦੂਜੇ ਪਾਸੇ, ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਰਾਏਪੁਰ ਦੀ ਵਿਸ਼ੇਸ਼ ਅਦਾਲਤ ਤੋਂ ਮਨਜ਼ੂਰੀ ਮਿਲਣ ਉਪਰੰਤ ਈਡੀ ਨੇ 13 ਨਵੰਬਰ ਨੂੰ ਸੌਰਭ ਚੰਦਰਾਕਰ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵੱਲੋਂ ਉਸ ਨੂੰ 19 ਨਵੰਬਰ ਤੱਕ ਸੱਤ ਦਿਨਾਂ ਦੇ ਈਡੀ ਰਿਮਾਂਡ ’ਤੇ ਭੇਜਿਆ ਗਿਆ ਹੈ।
ਮਹਾਦੇਵ ਆਨਲਾਈਨ ਬੁੱਕ ਐਪ ਨਾਲ ਜੁੜੇ ਇਸ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਵੱਲੋਂ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਜ਼ਬਤ ਕੀਤੇ ਗਏ ਡਿਜੀਟਲ ਉਪਕਰਨਾਂ ਅਤੇ ਦਸਤਾਵੇਜ਼ਾਂ ਦੀ ਪੜਤਾਲ ਰਾਹੀਂ ਸੱਟੇਬਾਜ਼ੀ ਦੇ ਕਥਿਤ ਨੈੱਟਵਰਕ ਅਤੇ ਇਸ ਨਾਲ ਜੁੜੇ ਵਿੱਤੀ ਲੈਣ-ਦੇਣ ਦੀਆਂ ਕੜੀਆਂ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।







