ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੁਰਾਕ ਸੁਰੱਖਿਆ ਨੂੰ ਲੈ ਕੇ ਪੰਜਾਬ ਭਰ ਵਿੱਚ ਚੈਕਿੰਗ ਤੇਜ਼
ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐੱਫ.ਡੀ.ਏ.) ਰਾਹੀਂ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਮਠਿਆਈਆਂ, ਦੁੱਧ ਤੋਂ ਬਣੇ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਇਸ ਲਈ ਖੁਰਾਕ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।
ਮੰਤਰੀ ਨੇ ਕਿਹਾ ਕਿ ਖੁਰਾਕ ਕਾਰੋਬਾਰੀਆਂ ਨੂੰ ਕੱਚੇ ਮਾਲ ਦੀ ਖਰੀਦ ਅਤੇ ਸੰਭਾਲ ਤੋਂ ਲੈ ਕੇ ਉਤਪਾਦ ਤਿਆਰ ਕਰਨ ਤੱਕ ਸਫਾਈ ਅਤੇ ਸਵੱਛਤਾ ਦੇ ਨਿਯਮਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਮਿਲਾਵਟਖੋਰੀ ਤੋਂ ਦੂਰ ਰਹਿਣ ਅਤੇ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਜਾਂ ਗੈਰ-ਮਿਆਰੀ ਖੁਰਾਕੀ ਵਸਤਾਂ ਤਿਆਰ ਕਰਨ ਤੋਂ ਸਖ਼ਤੀ ਨਾਲ ਗੁਰੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਖੁਰਾਕ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਫ.ਡੀ.ਏ. ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਕੁੱਲ 216 ਨਮੂਨੇ ਇਕੱਠੇ ਕਰਕੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਟਰੀ ਭੇਜੇ ਗਏ ਹਨ। ਰਿਪੋਰਟਾਂ ਮਿਲਣ ਤੋਂ ਬਾਅਦ ਨਿਯਮਾਂ ਮੁਤਾਬਕ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਮਿਸ਼ਨਰ ਨੇ ਅੱਗੇ ਦੱਸਿਆ ਕਿ 19 ਅਤੇ 20 ਸਤੰਬਰ ਨੂੰ ਮਠਿਆਈ ਅਤੇ ਬੇਕਰੀ ਉਤਪਾਦ ਬਣਾਉਣ ਵਾਲੀਆਂ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਦੇ ਮਾਪਦੰਡਾਂ ਦੀ ਜਾਂਚ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੰਜਾਬ ਭਰ ਵਿੱਚ 250 ਜਾਂਚਾਂ ਕੀਤੀਆਂ ਗਈਆਂ। ਨਿਯਮਾਂ ਦੀ ਪਾਲਣਾ ਵਿੱਚ ਕਮੀ ਪਾਏ ਜਾਣ ’ਤੇ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਉਲੰਘਣਾ ਦੇ ਮਾਮਲਿਆਂ ਵਿੱਚ ਮੌਕੇ ’ਤੇ 20 ਚਲਾਨ ਵੀ ਕੀਤੇ ਗਏ।
ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਨਿਗਰਾਨੀ ਹੋਰ ਸਖ਼ਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਅਚਨਚੇਤ ਜਾਂਚਾਂ, ਨਿਗਰਾਨੀ ਅਤੇ ਚੈਕਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।







