ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਮਜ਼ਦੂਰ ਤੇ ਨੌਜਵਾਨ ਆਗੂ ਘਰਾਂ ’ਚ ਨਜ਼ਰਬੰਦ

ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਜਗਰਾਉਂ ’ਚ ਮਜ਼ਦੂਰ ਤੇ ਨੌਜਵਾਨ ਆਗੂ ਘਰਾਂ ’ਚ ਨਜ਼ਰਬੰਦ

ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਤੋਂ ਪਹਿਲਾਂ ਪੁਲਿਸ ਵੱਲੋਂ ਜਨਤਕ ਆਗੂਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵਿਰੋਧ ਦੀ ਸੰਭਾਵਨਾ ਦੇ ਮੱਦੇਨਜ਼ਰ ਜਗਰਾਉਂ ਇਲਾਕੇ ਦੇ ਦੋ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਇੱਕ ਮਜ਼ਦੂਰ ਜਥੇਬੰਦੀ ਦਾ ਆਗੂ ਅਤੇ ਦੂਜਾ ਨੌਜਵਾਨ ਆਗੂ ਸ਼ਾਮਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਸਵੇਰੇ ਹੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਵਤਾਰ ਸਿੰਘ ਤਾਰੀ ਦੇ ਪਿੰਡ ਰਸੂਲਪੁਰ ਸਥਿਤ ਘਰ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅਵਤਾਰ ਸਿੰਘ ਕਿਸੇ ਕੰਮ ਲਈ ਘਰੋਂ ਬਾਹਰ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ।

ਇਸੇ ਤਰ੍ਹਾਂ ਵੱਖ-ਵੱਖ ਸਮਾਜਿਕ ਅਤੇ ਲੋਕ ਮਸਲਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਆਗੂ ਸੁੱਖ ਜਗਰਾਉਂ ਦੇ ਘਰ ਵੀ ਪੁਲਿਸ ਸਵੇਰੇ ਹੀ ਪਹੁੰਚ ਗਈ। ਪੁਲਿਸ ਨੇ ਉਨ੍ਹਾਂ ਨੂੰ ਵੀ ਘਰੋਂ ਬਾਹਰ ਜਾਣ ਤੋਂ ਰੋਕਦਿਆਂ ਨਜ਼ਰਬੰਦ ਕਰ ਦਿੱਤਾ।

ਆਗੂਆਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ

ਨਜ਼ਰਬੰਦ ਕੀਤੇ ਗਏ ਮਜ਼ਦੂਰ ਅਤੇ ਨੌਜਵਾਨ ਆਗੂਆਂ ਨੇ ਇਸ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਂਸ ਕਲਾਂ ਵਿਖੇ ਹੋਣ ਵਾਲੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਸੀ। ਇਸ ਤੋਂ ਇਲਾਵਾ ਕਿਸੇ ਵੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਨਹੀਂ ਕੀਤਾ ਗਿਆ ਸੀ।

ਆਗੂਆਂ ਨੇ ਕਿਹਾ ਕਿ ਇਸ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਸਮਝ ਤੋਂ ਬਾਹਰ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਲਈ ਲੋਕ ਮਿਲਣੀਆਂ ਕਰ ਰਹੀ ਹੈ ਤਾਂ ਫਿਰ ਲੋਕਾਂ ਦੀ ਆਵਾਜ਼ ਅਤੇ ਸਵਾਲਾਂ ਤੋਂ ਡਰਨ ਦੀ ਕੀ ਲੋੜ ਹੈ?

ਉਨ੍ਹਾਂ ਨੇ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਲੋਕਾਂ ਨੂੰ ਮਿਲਣ ਲਈ ਪ੍ਰੋਗਰਾਮ ਉਲੀਕ ਰਹੇ ਹਨ, ਜਦਕਿ ਦੂਜੇ ਪਾਸੇ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂਆਂ ਨੂੰ ਘਰਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਲੋਕਾਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਦੀ ਸਲਾਹ ਦਿੰਦੇ ਸਨ, ਪਰ ਹੁਣ ਅਜਿਹਾ ਲੱਗਦਾ ਹੈ ਕਿ ਸਰਕਾਰ ਖ਼ੁਦ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਪਿੱਛੇ ਹਟ ਰਹੀ ਹੈ।